ਪੰਜਾਬ ਸਰਕਾਰ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੁਹਿੰਮ ਦੀ ਰੂਪ-ਰੇਖਾ ’ਤੇ ਚਰਚਾ ਕੀਤੀ।
ਸਰਕਾਰ ਦੀ ਯੋਜਨਾ ਤਹਿਤ ਪਿੰਡਾਂ, ਬਲਾਕਾਂ ਅਤੇ ਸ਼ਹਿਰਾਂ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ ਅਤੇ ਇਸ ਦੇ ਟਿਕਾਊ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਕੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਸਮਾਜ ਸੇਵਕਾਂ ਦੀ ਵੀ ਮਦਦ ਲਈ ਜਾਵੇਗੀ।
ਮੁੱਖ ਮੰਤਰੀ ਮੁਤਾਬਕ ਇਸ ਸਾਲ ਪੰਜਾਬ ਵਿੱਚ ਲਗਭਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਹੋਈ ਹੈ ਅਤੇ ਇਸ ਤੋਂ ਕਰੀਬ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਇਸ ਲਈ ਸਰਕਾਰ ਨੇ ਪਹਿਲਾਂ ਤੋਂ ਹੀ ਜਾਗਰੂਕਤਾ ਅਤੇ ਪ੍ਰਬੰਧਨ ’ਤੇ ਧਿਆਨ ਕੇਂਦਰਿਤ ਕਰਨ ਦਾ ਫੈਸਲਾ ਕੀਤਾ ਹੈ।
ਸਰਕਾਰ ਅਨੁਸਾਰ 2023 ਤੋਂ 2025 ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫੀਸਦੀ ਕਮੀ ਦਰਜ ਕੀਤੀ ਗਈ ਹੈ। ਘਟਨਾਵਾਂ ਦੀ ਗਿਣਤੀ 2023 ਵਿੱਚ 36,663 ਤੋਂ ਘਟ ਕੇ 2024 ਵਿੱਚ 10,909 ਅਤੇ 2025 ਵਿੱਚ 5,114 ਰਹਿ ਗਈ ਸੀ। ਸਰਕਾਰ ਹੁਣ ਇਸ ਰੁਝਾਨ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ।
ਮੁਹਿੰਮ ਤਹਿਤ ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਰਾਹੀਂ ਕਿਸਾਨਾਂ ਤੱਕ ਸੁਨੇਹਾ ਪਹੁੰਚਾਇਆ ਜਾਵੇਗਾ। ਸਰਕਾਰ ਦਾ ਜ਼ੋਰ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ’ਤੇ ਰਹੇਗਾ।

