May 12, 2026
#Politics #Punjab News

2027 ਚੋਣਾਂ ਤੋਂ ਪਹਿਲਾਂ ਨਵਾਂ ਪੰਥਕ ਗਠਜੋੜ, ਅੰਮ੍ਰਿਤਪਾਲ ਸਿੰਘ ਅਤੇ ਗਿਆਨੀ ਹਰਪ੍ਰੀਤ ਸਿੰਘ ਇਕੱਠੇ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਹਲਚਲ ਤੇਜ਼ ਹੋਣ ਲੱਗੀ ਹੈ। ਇਸ ਦਰਮਿਆਨ ਸੂਬੇ ਦੀਆਂ ਦੋ ਪੰਥਕ ਧਿਰਾਂ ਨੇ ਇਕੱਠੇ ਹੋ ਕੇ ਵੱਡੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਹੱਥ ਮਿਲਾਇਆ ਹੈ।

ਇਸ ਗਠਜੋੜ ਨੂੰ ਪੰਥਕ ਏਕਤਾ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਦੋਵਾਂ ਧਿਰਾਂ ਵੱਲੋਂ ਮਿਲ ਕੇ ‘ਪੰਥਕ ਏਕਤਾ ਤਾਲਮੇਲ ਕਮੇਟੀ’ ਦਾ ਗਠਨ ਕੀਤਾ ਗਿਆ ਹੈ, ਜਿਸਦਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਬਣਾਇਆ ਗਿਆ ਹੈ।

ਮਨਪ੍ਰੀਤ ਸਿੰਘ ਇਆਲੀ ਨੇ ਇਸ ਸਬੰਧੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਦੋਵਾਂ ਪਾਰਟੀਆਂ ਦੀ ਤਾਲਮੇਲ ਕਮੇਟੀ ਦੀ ਪਹਿਲੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਦੋਵਾਂ ਪੰਥਕ ਧਿਰਾਂ ਦਾ ਧੰਨਵਾਦ ਵੀ ਕੀਤਾ।

ਇਆਲੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਅਨੁਸਾਰ ਪੰਥਕ ਏਕਤਾ ਦਾ ਜੋ ਕਾਰਜ ਅਧੂਰਾ ਸੀ, ਉਸ ਨੂੰ ਅੱਗੇ ਵਧਾਉਣ ਲਈ ਇਹ ਇੱਕ ਅਹਿਮ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਨੂੰ ਮਜ਼ਬੂਤ ਕਰਨ ਲਈ ਇਹ ਗਠਜੋੜ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਨੇ ਵੱਖ-ਵੱਖ ਪੰਥਕ, ਸਮਾਜਿਕ, ਧਾਰਮਿਕ, ਮੁਲਾਜ਼ਮ ਅਤੇ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਠਜੋੜ ਨਾਲ ਜੁੜਨ ਅਤੇ ਪੰਜਾਬ ਦੀ ਬਿਹਤਰੀ ਲਈ ਇਕੱਠੇ ਹੋ ਕੇ ਕੰਮ ਕਰਨ।