ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਦਾ ਵੱਧੋ-ਵੱਧ ਤਾਪਮਾਨ ਆਮ ਨਾਲੋਂ ਲਗਭਗ 3.5 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਤਪਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸਭ ਤੋਂ ਵੱਧ ਤਾਪਮਾਨ 41.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ, ਜਦਕਿ ਚੰਡੀਗੜ੍ਹ ਸ਼ਹਿਰ ਦਾ ਤਾਪਮਾਨ 40.0 ਡਿਗਰੀ ਅਤੇ ਚੰਡੀਗੜ੍ਹ ਏਅਰਪੋਰਟ ਦਾ 38.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਅਤੇ ਆਉਣ ਵਾਲੇ ਤਿੰਨ ਦਿਨਾਂ ਤੱਕ, ਯਾਨੀ 22 ਅਪ੍ਰੈਲ ਤੱਕ, ਸੂਬੇ ਵਿੱਚ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਇਸ ਦੌਰਾਨ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਤਿੱਖੀ ਧੁੱਪ ਕਾਰਨ ਗਰਮੀ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ।
ਹੋਰ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ ਤਾਪਮਾਨ 36.8 ਡਿਗਰੀ, ਲੁਧਿਆਣਾ 39.8 ਡਿਗਰੀ, ਪਟਿਆਲਾ 40.4 ਡਿਗਰੀ, ਪਠਾਨਕੋਟ 35.8 ਡਿਗਰੀ ਅਤੇ ਫਰੀਦਕੋਟ 36.2 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਮੁਹਾਲੀ, ਰੋਪੜ ਅਤੇ ਹੁਸ਼ਿਆਰਪੁਰ ਸਮੇਤ ਕਈ ਹੋਰ ਇਲਾਕਿਆਂ ਵਿੱਚ ਵੀ ਤਾਪਮਾਨ 37 ਤੋਂ 39 ਡਿਗਰੀ ਦੇ ਦਰਮਿਆਨ ਰਿਹਾ।
ਮਾਹਿਰਾਂ ਦਾ ਕਹਿਣਾ ਹੈ ਕਿ ਮੌਸਮ ਸਾਫ਼ ਰਹਿਣ ਅਤੇ ਕੜਾਕੇ ਦੀ ਧੁੱਪ ਕਾਰਨ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵੱਧ ਸਕਦਾ ਹੈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਦੁਪਹਿਰ ਦੇ ਸਮੇਂ ਘਰੋਂ ਬਾਹਰ ਘੱਟ ਨਿਕਲਣ ਅਤੇ ਪਾਣੀ ਵੱਧ ਪੀਣ ਤਾਂ ਜੋ ਲੂ ਤੋਂ ਬਚਿਆ ਜਾ ਸਕੇ।

