May 12, 2026
#Punjab News #Uncategorized

ਸ਼੍ਰੋਮਣੀ ਕਮੇਟੀ ਦਾ ਅਹਿਮ ਫੈਸਲਾ: ਕੇਂਦਰ ਦੇ ਫੈਸਲਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਦਖਲਅੰਦਾਜ਼ੀ ‘ਤੇ ਤਿੱਖਾ ਵਿਰੋਧ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਾ ਕਮੇਟੀ ਦੀ ਅਹਿਮ ਬੈਠਕ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਧਾਰਮਿਕ ਅਤੇ ਪ੍ਰਸ਼ਾਸਕੀ ਮਸਲਿਆਂ ‘ਤੇ ਵਿਸਥਾਰ ਨਾਲ ਵਿਚਾਰ ਕੀਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਬੈਠਕ ਦੌਰਾਨ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨਾਲ ਜੁੜੇ ਮਾਮਲੇ ਵਿਚਾਰੇ ਗਏ। ਉਨ੍ਹਾਂ ਕਿਹਾ ਕਿ 10 ਹਜ਼ਾਰ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਅਤੇ ਖਰਚਿਆਂ ਨੂੰ ਅੰਤਰਾ ਕਮੇਟੀ ਦੀ ਮਨਜ਼ੂਰੀ ਲਈ ਪੇਸ਼ ਕੀਤਾ ਜਾਂਦਾ ਹੈ।

ਬੈਠਕ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵੀ ਮੁੱਖ ਚਰਚਾ ਵਿੱਚ ਰਿਹਾ। ਕਮੇਟੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਲੰਬੇ ਸਮੇਂ ਤੋਂ ਚੱਲ ਰਹੀ ਚੁੱਪੀ ਸਿੱਖ ਕੌਮ ਵਿੱਚ ਨਿਰਾਸ਼ਾ ਪੈਦਾ ਕਰ ਰਹੀ ਹੈ। ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸਬੰਧੀ ਹੁਕਮ ਜਾਰੀ ਕੀਤਾ ਜਾਵੇ।

ਇਸ ਤੋਂ ਇਲਾਵਾ ਕਮੇਟੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਤੈਨਾਤੀ ਖਤਮ ਕਰਨ ਦੇ ਮਾਮਲੇ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਕੀਤਾ। ਕਮੇਟੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਅਧਿਕਾਰਾਂ ਵਿੱਚ ਦਖਲਅੰਦਾਜ਼ੀ ਕਰ ਰਹੀ ਹੈ ਅਤੇ ਇਸ ਤਰ੍ਹਾਂ ਦੇ ਕਦਮ ਹੋਰ ਖੇਤਰਾਂ ਵਿੱਚ ਵੀ ਵੇਖਣ ਨੂੰ ਮਿਲ ਰਹੇ ਹਨ।

ਕਮੇਟੀ ਨੇ ਇਹ ਵੀ ਵਿਰੋਧ ਕੀਤਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ 45 ਦਿਨਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪੂਰਾ ਰਿਕਾਰਡ ਵੈੱਬਸਾਈਟ ‘ਤੇ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਇਸਨੂੰ ਧਾਰਮਿਕ ਸੰਸਥਾਵਾਂ ਵਿੱਚ ਬੇਜਾ ਦਖਲਅੰਦਾਜ਼ੀ ਕਰਾਰ ਦਿੱਤਾ।

ਅਖੀਰ ਵਿੱਚ ਕਮੇਟੀ ਨੇ ਕਿਹਾ ਕਿ ਸਿੱਖ ਕੌਮ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨਾ ਠੀਕ ਨਹੀਂ ਅਤੇ ਇਸ ਤਰ੍ਹਾਂ ਦੀਆਂ ਨੀਤੀਆਂ ਲੰਬੇ ਸਮੇਂ ਤੱਕ ਕਾਇਮ ਨਹੀਂ ਰਹਿ ਸਕਦੀਆਂ।