May 12, 2026
#Punjab News

ਜਲੰਧਰ ‘ਚ ਦਰਦਨਾਕ ਸੜਕ ਹਾਦਸਾ: ਗੈਸ ਟੈਂਕਰ ਨਾਲ ਟੱਕਰ ‘ਚ ਮੋਟਰਸਾਈਕਲ ਸਵਾਰ ਦੀ ਮੌਤ

ਜਲੰਧਰ: ਸ਼ਹਿਰ ਦੇ ਰਾਮਾਮੰਡੀ-ਢਿੱਲਵਾਂ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਐਚਪੀ ਗੈਸ ਟੈਂਕਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਕਾਰਨ ਵਾਪਰਿਆ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਸੜਕ ‘ਤੇ ਟ੍ਰੈਫਿਕ ਜਾਮ ਵੀ ਲੱਗ ਗਿਆ।

ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਦਸੇ ਤੋਂ ਬਾਅਦ ਟੈਂਕਰ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਂਚ ਅਧਿਕਾਰੀ ਗੁਰਨਾਮ ਸਿੰਘ ਮੁਤਾਬਕ ਟੈਂਕਰ ਸਹੀ ਦਿਸ਼ਾ ਵਿੱਚ ਚੱਲ ਰਿਹਾ ਸੀ, ਜਦਕਿ ਮੋਟਰਸਾਈਕਲ ਸਵਾਰ ਨੇ ਅਚਾਨਕ ਯੂ-ਟਰਨ ਲੈਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਵਾਰ ਦੇ ਕੱਪੜੇ ਦਾ ਹਿੱਸਾ ਫਸਣ ਕਾਰਨ ਉਹ ਸੰਤੁਲਨ ਗੁਆ ਬੈਠਾ ਅਤੇ ਟੈਂਕਰ ਦੇ ਪਹੀਏ ਹੇਠ ਆ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ।

ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।