May 11, 2026
#Punjab News

ਪੰਜਾਬ ‘ਚ ਅੱਜ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਐਲਾਨ, ਦੁਪਹਿਰ 3:30 ਵਜੇ ਹੋਵੇਗੀ ਪ੍ਰੈੱਸ ਕਾਨਫਰੰਸ

ਚੰਡੀਗੜ੍ਹ: ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅੱਜ ਵੱਡਾ ਐਲਾਨ ਹੋਣ ਜਾ ਰਿਹਾ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ Raj Kamal Chaudhary ਵੱਲੋਂ ਇਸ ਸਬੰਧੀ ਅੱਜ ਦੁਪਹਿਰ 3:30 ਵਜੇ ਪੰਜਾਬ ਭਵਨ ਵਿੱਚ ਪ੍ਰੈੱਸ ਕਾਨਫਰੰਸ ਸੱਦੀ ਗਈ ਹੈ, ਜਿਸ ਵਿੱਚ ਚੋਣਾਂ ਦੀਆਂ ਤਰੀਖਾਂ ਅਤੇ ਹੋਰ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ।

ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਲਈ ਚੋਣਾਂ ਹੋਣੀਆਂ ਹਨ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੂਬੇ ਭਰ ਵਿੱਚ ਵਾਰਡਬੰਦੀ ਦਾ ਕੰਮ ਵੀ ਪੂਰਾ ਹੋ ਚੁੱਕਿਆ ਹੈ।

ਰਾਜਨੀਤਿਕ ਪਾਰਟੀਆਂ ਨੇ ਵੀ ਚੋਣਾਂ ਲਈ ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਆਪਣੇ ਆਬਜ਼ਰਵਰ ਨਿਯੁਕਤ ਕੀਤੇ ਜਾ ਚੁੱਕੇ ਹਨ, ਜਦਕਿ ਸੰਭਾਵੀ ਉਮੀਦਵਾਰ ਆਪਣੇ-ਆਪਣੇ ਇਲਾਕਿਆਂ ਵਿੱਚ ਜਨਸੰਪਰਕ ਮੁਹਿੰਮਾਂ ਰਾਹੀਂ ਪਕੜ ਮਜ਼ਬੂਤ ਕਰਨ ਵਿੱਚ ਜੁਟੇ ਹੋਏ ਹਨ।

ਇਨ੍ਹਾਂ ਚੋਣਾਂ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਸੈਮੀਫਾਈਨਲ ਵਜੋਂ ਵੀ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਪਾਰਟੀਆਂ ਦੀ ਸਥਿਤੀ ਅਤੇ ਲੋਕਾਂ ਦਾ ਮੂਡ ਇਨ੍ਹਾਂ ਚੋਣਾਂ ਰਾਹੀਂ ਸਾਫ਼ ਹੋ ਸਕੇਗਾ।

ਆਮ ਆਦਮੀ ਪਾਰਟੀ ਸਰਕਾਰ ਲਈ ਇਹ ਚੋਣਾਂ ਖਾਸ ਮਹੱਤਵ ਰੱਖਦੀਆਂ ਹਨ ਕਿਉਂਕਿ ਇਹ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਸਾਲ ਹੈ। ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਇਨ੍ਹਾਂ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ 2027 ਚੋਣਾਂ ਲਈ ਸਕਾਰਾਤਮਕ ਸੰਦੇਸ਼ ਦਿੱਤਾ ਜਾਵੇ। ਦੂਜੇ ਪਾਸੇ ਵਿਰੋਧੀ ਪਾਰਟੀਆਂ ਲਈ ਵੀ ਇਹ ਆਪਣੀ ਸਿਆਸੀ ਤਾਕਤ ਦਿਖਾਉਣ ਦਾ ਵੱਡਾ ਮੌਕਾ ਮੰਨਿਆ ਜਾ ਰਿਹਾ ਹੈ।