ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ “ਸਪੈਸ਼ਲ ਇੰਟੈਂਸਿਵ ਰਿਵੀਜ਼ਨ” (SIR) ਪੂਰੀ ਪਾਰਦਰਸ਼ਿਤਾ ਨਾਲ ਕਰਵਾਈ ਜਾਵੇਗੀ। ਇਹ ਜਾਣਕਾਰੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ Anindita Mitra ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੇ ਹੁਕਮ ਜਾਰੀ ਕੀਤੇ ਗਏ ਹਨ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀਐਲਓ (BLO) ਘਰ-ਘਰ ਜਾ ਕੇ ਵੋਟਰਾਂ ਦੇ ਫਾਰਮ ਭਰਨਗੇ। ਇਸ ਮੁਹਿੰਮ ਲਈ 24,453 ਬੀਐਲਓ, 2,476 ਸੁਪਰਵਾਈਜ਼ਰ, 117 ਈਆਰਓ ਅਤੇ 234 ਏਈਆਰਓ ਸਮੇਤ ਪੂਰਾ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਹਰ ਬੀਐਲਓ ਨੂੰ ਔਸਤਨ 300 ਘਰ ਅਤੇ 1200 ਵੋਟਰਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ 15 ਜੂਨ ਤੋਂ 24 ਜੂਨ ਤੱਕ ਬੀਐਲਓਜ਼ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਹੋਰ ਤਿਆਰੀਆਂ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦਾ ਮਕਸਦ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ।
ਅਨਿੰਦਿਤਾ ਮਿਤਰਾ ਨੇ ਕਿਹਾ ਕਿ ਦੋਹਰਾ ਵੋਟ ਰੱਖਣਾ ਸੰਵਿਧਾਨ ਅਨੁਸਾਰ ਅਪਰਾਧ ਹੈ, ਜਿਸ ਲਈ ਇੱਕ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ SIR ਤਹਿਤ ਫਾਰਮ ਭਰਨਾ ਲਾਜ਼ਮੀ ਹੋਵੇਗਾ।
ਪੰਜਾਬ ਵਿੱਚ ਕੁੱਲ 2 ਕਰੋੜ 14 ਲੱਖ 57 ਹਜ਼ਾਰ 160 ਵੋਟਰ ਹਨ, ਜਿਨ੍ਹਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਪ੍ਰੀ-ਮੈਪਿੰਗ ਹੋ ਚੁੱਕੀ ਹੈ, ਜੋ ਕੁੱਲ ਦਾ 83.69 ਫ਼ੀਸਦੀ ਹੈ। ਪਿੰਡਾਂ ਵਿੱਚ 89.58 ਫ਼ੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਪੂਰਾ ਹੋ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 1 ਜਨਵਰੀ 2003 ਨੂੰ ਯੋਗਤਾ ਮਿਤੀ ਤੈਅ ਕੀਤੀ ਗਈ ਹੈ। 31 ਜੁਲਾਈ 2026 ਨੂੰ ਵੋਟਰ ਸੂਚੀ ਦਾ ਮਸੌਦਾ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 31 ਜੁਲਾਈ ਤੋਂ 30 ਅਗਸਤ ਤੱਕ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਣਗੇ, ਜਦਕਿ 28 ਸਤੰਬਰ ਤੱਕ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਜਾਰੀ ਕੀਤੀ ਜਾਵੇਗੀ। ਮੁੱਖ ਚੋਣ ਅਧਿਕਾਰੀ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਬੀਐਲਓਜ਼ ਦਾ ਪੂਰਾ ਸਹਿਯੋਗ ਕਰਨ।

