ਸ੍ਰੀ ਮੁਕਤਸਰ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ 26 ਮਈ 2026 ਨੂੰ ਡਰਾਈ ਡੇ ਐਲਾਨਿਆ ਗਿਆ ਹੈ। ਇਹ ਹੁਕਮ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਨਗਰ ਕੌਂਸਲ ਖੇਤਰਾਂ ਵਿੱਚ ਲਾਗੂ ਰਹੇਗਾ।
ਸਟੇਟ ਇਲੈਕਸ਼ਨ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੇਵੀ ਗੋਇਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ 26 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਵੋਟਿੰਗ ਖ਼ਤਮ ਹੋਣ ਤੱਕ ਸ਼ਰਾਬ ਦੀ ਵਿਕਰੀ, ਵੰਡ ਅਤੇ ਪਰੋਸਣ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਸਰਕਾਰੀ ਆਦੇਸ਼ ਮੁਤਾਬਕ ਅੰਗਰੇਜ਼ੀ ਅਤੇ ਦੇਸੀ ਸ਼ਰਾਬ, ਸਪਿਰਟ, ਅਲਕੋਹਲ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਿਕਰੀ ਜਾਂ ਸਟੋਰੇਜ ਨਹੀਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ, ਬੀਅਰ ਬਾਰਾਂ, ਕਲੱਬਾਂ ਅਤੇ ਹੋਰ ਜਨਤਕ ਥਾਵਾਂ ‘ਤੇ ਵੀ ਸ਼ਰਾਬ ਪਰੋਸਣ ‘ਤੇ ਰੋਕ ਰਹੇਗੀ।
ਪ੍ਰਸ਼ਾਸਨ ਨੇ ਸਪਸ਼ਟ ਕੀਤਾ ਹੈ ਕਿ ਵੈਧ ਲਾਇਸੈਂਸ ਰੱਖਣ ਵਾਲੇ ਸਟਾਰ ਹੋਟਲ, ਕਲੱਬ ਅਤੇ ਹੋਰ ਸੰਸਥਾਨ ਵੀ ਇਸ ਦੌਰਾਨ ਕਿਸੇ ਨੂੰ ਸ਼ਰਾਬ ਮੁਹੱਈਆ ਨਹੀਂ ਕਰਵਾ ਸਕਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

