ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦਾ ਅਸਰ ਹੁਣ ਚੰਡੀਗੜ੍ਹ ਵਿੱਚ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਸੋਮਵਾਰ ਨੂੰ ਹੋਈ ਤਾਜ਼ਾ ਕੀਮਤ ਵਾਧੇ ਤੋਂ ਬਾਅਦ ਚੰਡੀਗੜ੍ਹ ਵਿੱਚ ਪਹਿਲੀ ਵਾਰ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ। ਨਵੀਆਂ ਦਰਾਂ ਮੁਤਾਬਕ ਸ਼ਹਿਰ ਵਿੱਚ ਪੈਟਰੋਲ 101.54 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਤੇਲ ਕੰਪਨੀਆਂ ਵੱਲੋਂ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿੱਚ 2.61 ਰੁਪਏ ਅਤੇ ਡੀਜ਼ਲ ਵਿੱਚ 2.71 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ 11 ਦਿਨਾਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਕੀਮਤਾਂ ਵਧਾਈਆਂ ਗਈਆਂ ਹਨ। 15 ਮਈ ਤੋਂ ਹੁਣ ਤੱਕ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਭਗ 7.5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ।
ਮਾਹਿਰਾਂ ਅਨੁਸਾਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ, ਰੁਪਏ ਦੀ ਕਮਜ਼ੋਰੀ ਅਤੇ ਰਿਫਾਈਨਿੰਗ ਖਰਚ ਵਧਣ ਕਾਰਨ ਤੇਲ ਕੰਪਨੀਆਂ ਲਗਾਤਾਰ ਕੀਮਤਾਂ ਵਧਾ ਰਹੀਆਂ ਹਨ। ਫਰਵਰੀ ਦੇ ਅੰਤ ਤੋਂ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ 50 ਫੀਸਦੀ ਤੋਂ ਵੱਧ ਵਾਧਾ ਦਰਜ ਕੀਤਾ ਗਿਆ ਹੈ। ਪੱਛਮੀ ਏਸ਼ੀਆ ਵਿੱਚ ਤਣਾਅ ਅਤੇ ਹੋਰਮੁਜ਼ ਜਲਡਮਰੂਮੱਧ ਰਾਹੀਂ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਵੀ ਇਸ ਦੀ ਵੱਡੀ ਵਜ੍ਹਾ ਮੰਨਿਆ ਜਾ ਰਿਹਾ ਹੈ।
ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਇੰਧਨ ਦੀਆਂ ਕੀਮਤਾਂ ਵਿੱਚ ਵੱਡਾ ਫਰਕ ਵੇਖਣ ਨੂੰ ਮਿਲ ਰਿਹਾ ਹੈ। ਮੋਹਾਲੀ ਵਿੱਚ ਪੈਟਰੋਲ ਦੀ ਕੀਮਤ 105.99 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜਦਕਿ ਸ਼ਿਮਲਾ ਵਿੱਚ ਵੀ ਪੈਟਰੋਲ 100 ਰੁਪਏ ਪਾਰ ਕਰ ਚੁੱਕਾ ਹੈ।
ਲਗਾਤਾਰ ਵਧ ਰਹੀਆਂ ਇੰਧਨ ਕੀਮਤਾਂ ਕਾਰਨ ਆਮ ਲੋਕਾਂ ਦੀ ਜੇਬ ‘ਤੇ ਸਿੱਧਾ ਅਸਰ ਪੈ ਰਿਹਾ ਹੈ। ਟਰਾਂਸਪੋਰਟ ਖਰਚ ਵਧਣ ਨਾਲ ਆਉਣ ਵਾਲੇ ਦਿਨਾਂ ਵਿੱਚ ਰੋਜ਼ਾਨਾ ਦੀਆਂ ਵਸਤਾਂ ਅਤੇ ਸੇਵਾਵਾਂ ਮਹਿੰਗੀਆਂ ਹੋਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

