ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਧਾਨ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਐਲਾਨ ਕੀਤਾ ਹੈ। ਬਿਜਲੀ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵੱਲੋਂ ਧਾਨ ਦੀ ਰੋਪਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟਿਆਂ ਤੋਂ ਵੱਧ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕਰ ਲਏ ਗਏ ਹਨ।
ਬਿਜਲੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਧਾਨ ਸੀਜ਼ਨ ਸ਼ਡਿਊਲ ਅਨੁਸਾਰ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 8 ਘੰਟਿਆਂ ਦੀ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਇਸੇ ਤਰ੍ਹਾਂ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਇਹ ਸ਼ਡਿਊਲ ਲਾਗੂ ਹੋਵੇਗਾ। ਜਦਕਿ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਵਿੱਚ ਕਿਸਾਨਾਂ ਨੂੰ ਰੋਜ਼ਾਨਾ 8 ਘੰਟਿਆਂ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਧਾਨ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸੁਵਿਧਾ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਰ ਖੇਤੀਬਾੜੀ ਮੋਟਰ ਕਨੈਕਸ਼ਨ ਨੂੰ ਰੋਜ਼ਾਨਾ 8 ਘੰਟਿਆਂ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਜਾਵੇਗੀ, ਤਾਂ ਜੋ ਕਿਸਾਨ ਬਿਨਾਂ ਕਿਸੇ ਰੁਕਾਵਟ ਦੇ ਧਾਨ ਦੀ ਰੋਪਾਈ ਕਰ ਸਕਣ।
ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਵੱਲੋਂ ਪੂਰੇ ਸੂਬੇ ਵਿੱਚ ਅਧਿਕਾਰੀਆਂ ਅਤੇ ਟੈਕਨੀਕਲ ਸਟਾਫ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਬਿਜਲੀ ਸਪਲਾਈ ਪ੍ਰਣਾਲੀ ਦੀ ਲਗਾਤਾਰ ਨਿਗਰਾਨੀ ਕਰਨਗੀਆਂ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਟ੍ਰਾਂਸਫਾਰਮਰ ਜਾਂ ਹੋਰ ਤਕਨੀਕੀ ਖਰਾਬੀਆਂ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕੰਟਰੋਲ ਰੂਮ ਅਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

