ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਮਲਟੀ-ਸਪੈਸ਼ਲਿਟੀ ਹਸਪਤਾਲ (GMSH-16) ਦੇ ਬਲੱਡ ਬੈਂਕ ਵਿੱਚ ਮੰਗਲਵਾਰ ਤੜਕੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ। ਹਾਲਾਂਕਿ ਹਸਪਤਾਲ ਸਟਾਫ਼ ਅਤੇ ਸੁਰੱਖਿਆ ਕਰਮਚਾਰੀਆਂ ਦੀ ਤੁਰੰਤ ਕਾਰਵਾਈ ਕਾਰਨ ਅੱਗ ਨੂੰ ਸਮੇਂ ਸਿਰ ਕਾਬੂ ਕਰ ਲਿਆ ਗਿਆ ਅਤੇ ਕੋਈ ਵੱਡਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।
ਮਿਲੀ ਜਾਣਕਾਰੀ ਅਨੁਸਾਰ, ਸਭ ਤੋਂ ਪਹਿਲਾਂ ਡਿਊਟੀ ’ਤੇ ਤਾਇਨਾਤ ਸਟਾਫ਼ ਨੇ ਬਲੱਡ ਬੈਂਕ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਇਸ ਤੋਂ ਬਾਅਦ ਤੁਰੰਤ ਸੁਰੱਖਿਆ ਕਰਮਚਾਰੀਆਂ ਨੂੰ ਸੂਚਿਤ ਕੀਤਾ ਗਿਆ। ਸੁਰੱਖਿਆ ਟੀਮ ਨੇ ਫ਼ੌਰੀ ਤੌਰ ’ਤੇ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਅਤੇ ਇਸਨੂੰ ਹੋਰ ਫੈਲਣ ਤੋਂ ਰੋਕ ਦਿੱਤਾ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਡਾਇਰੈਕਟਰ ਸਿਹਤ ਸੇਵਾਵਾਂ (DHS), ਮੈਡੀਕਲ ਸੁਪਰਡੈਂਟ (MS), ਡਿਪਟੀ ਮੈਡੀਕਲ ਸੁਪਰਡੈਂਟ (DMS) ਅਤੇ ਬਲੱਡ ਬੈਂਕ ਇੰਚਾਰਜ ਸਮੇਤ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਏਅਰ ਕੰਡੀਸ਼ਨਰ (AC) ਵਿੱਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੋ ਸਕਦੀ ਹੈ। ਹਸਪਤਾਲ ਪ੍ਰਸ਼ਾਸਨ ਨੇ ਪ੍ਰਭਾਵਿਤ ਹਿੱਸੇ ਨੂੰ ਸੁਰੱਖਿਅਤ ਕਰ ਦਿੱਤਾ ਹੈ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਇਸ ਦੇ ਨਾਲ ਹੀ ਬਲੱਡ ਸਟਾਕ, ਮੈਡੀਕਲ ਉਪਕਰਨਾਂ ਅਤੇ ਹਸਪਤਾਲ ਦੇ ਹੋਰ ਰਿਕਾਰਡਾਂ ਨੂੰ ਵੀ ਕੋਈ ਨੁਕਸਾਨ ਨਹੀਂ ਪਹੁੰਚਿਆ।
ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਾਅ ਲਈ ਤਕਨੀਕੀ ਜਾਂਚ ਦੇ ਨਾਲ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣਗੇ।

