August 12, 2026
#Punjab News

ਫਾਜ਼ਿਲਕਾ-ਫਿਰੋਜ਼ਪੁਰ ਰੋਡ ‘ਤੇ ਭਿਆਨਕ ਸੜਕ ਹਾਦਸਾ, ਪਿੱਕਅਪ ਤੇ ਟਰਾਲੇ ਦੀ ਟੱਕਰ ‘ਚ 9 ਲੋਕਾਂ ਦੀ ਮੌਤ

ਫਾਜ਼ਿਲਕਾ-ਫਿਰੋਜ਼ਪੁਰ ਸੜਕ ‘ਤੇ ਹੁਸੈਨਸ਼ਾਹ ਵਾਲਾ ਨੇੜੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਮਹਿੰਦਰਾ ਪਿੱਕਅਪ ਟਰੱਕ ਅਤੇ ਟਰਾਲੇ ਵਿਚਕਾਰ ਹੋਈ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਜ਼ਖ਼ਮੀ ਹੋ ਗਏ।

ਜਾਣਕਾਰੀ ਮੁਤਾਬਕ, ਜਲਾਲਾਬਾਦ ਇਲਾਕੇ ਦੇ 25 ਤੋਂ 28 ਲੋਕ ਆਪਣੀ ਇੱਕ ਬਜ਼ੁਰਗ ਰਿਸ਼ਤੇਦਾਰ ਮਹਿਲਾ ਦੇ ਅੰਤਿਮ ਸੰਸਕਾਰ ਤੋਂ ਬਾਅਦ ਅਸਥੀਆਂ ਤਾਰਨ ਲਈ ਜਾ ਰਹੇ ਸਨ। ਸਾਰੇ ਪਰਿਵਾਰਕ ਮੈਂਬਰ ਮਹਿੰਦਰਾ ਪਿੱਕਅਪ ਵਿੱਚ ਸਵਾਰ ਸਨ। ਇਸ ਦੌਰਾਨ ਹੁਸੈਨਸ਼ਾਹ ਵਾਲਾ ਕੋਲ ਪਿੱਕਅਪ ਦੀ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ।

ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਪਿੱਕਅਪ ਟਰੱਕ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਲੋਕ ਗੱਡੀ ਅੰਦਰ ਹੀ ਫਸ ਗਏ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਪੁਲਿਸ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਪਰ ਬਾਅਦ ਵਿੱਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 9 ਹੋ ਗਈ। ਜ਼ਖ਼ਮੀਆਂ ਨੂੰ ਤੁਰੰਤ ਨੇੜਲੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਦਕਿ ਗੰਭੀਰ ਜ਼ਖ਼ਮੀਆਂ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਡਾਕਟਰ ਮਾਨਿਕ ਨੇ ਦੱਸਿਆ ਕਿ ਹਸਪਤਾਲ ਵਿੱਚ 15 ਤੋਂ 20 ਜ਼ਖ਼ਮੀ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਕੁਝ ਗੰਭੀਰ ਮਰੀਜ਼ਾਂ ਨੂੰ ਉੱਚ ਇਲਾਜ ਲਈ ਰੈਫਰ ਕੀਤਾ ਗਿਆ ਹੈ।