ਫ਼ਰੀਦਕੋਟ, 12 ਜੂਨ: ਫ਼ਰੀਦਕੋਟ-ਫਿਰੋਜ਼ਪੁਰ ਰੋਡ ‘ਤੇ ਵੀਰਵਾਰ ਨੂੰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ। ਇੱਕ ਤੇਜ਼ ਰਫ਼ਤਾਰ ਅਤੇ ਬੇਕਾਬੂ ਕਾਰ ਨੇ ਮੋਟਰਸਾਈਕਲ ਨੂੰ ਐਨੀ ਜ਼ੋਰਦਾਰ ਟੱਕਰ ਮਾਰੀ ਕਿ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਬੀੜ ਚਹਿਲ ਦਾ ਰਹਿਣ ਵਾਲਾ ਜਤਿੰਦਰ ਸਿੰਘ (ਗੋਰੀ) ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨਾਲ ਮੋਟਰਸਾਈਕਲ ‘ਤੇ ਫ਼ਰੀਦਕੋਟ ਵੱਲ ਆ ਰਿਹਾ ਸੀ। ਜਦੋਂ ਪਰਿਵਾਰ ਨਾਨਕਸਰ ਬਸਤੀ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਨ੍ਹਾਂ ਦੀ ਬਾਈਕ ਨੂੰ ਸਿੱਧੀ ਟੱਕਰ ਮਾਰ ਦਿੱਤੀ।
ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ‘ਤੇ ਸਵਾਰ ਸਾਰੇ ਪੰਜੇ ਮੈਂਬਰ ਹਵਾ ਵਿੱਚ ਉੱਛਲ ਕੇ ਸੜਕ ‘ਤੇ ਜਾ ਡਿੱਗੇ। ਟੱਕਰ ਨਾਲ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ, ਜਦਕਿ ਕਾਰ ਦਾ ਅਗਲਾ ਪਹੀਆ ਵੀ ਵੱਖ ਹੋ ਗਿਆ।
ਇਸ ਦਰਦਨਾਕ ਹਾਦਸੇ ਵਿੱਚ ਜਤਿੰਦਰ ਸਿੰਘ (32), ਉਸ ਦੀ 2 ਸਾਲਾ ਧੀ ਗੁਰਲੀਨ ਕੌਰ ਅਤੇ 1 ਸਾਲਾ ਧੀ ਮੰਨੂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਥੇ ਹੀ ਜਤਿੰਦਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ ਅਤੇ 4 ਸਾਲਾ ਪੁੱਤਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਮੁਤਾਬਕ ਦੋਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਵਾਲੀ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।
ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਨੁਸਾਰ ਕਾਰ ਵਿੱਚੋਂ ਕੁਝ ਡੰਡੇ ਅਤੇ ਹੋਰ ਸਮਾਨ ਵੀ ਮਿਲਿਆ ਹੈ, ਜਿਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਹੋਰ ਤੱਥਾਂ ਦਾ ਪਤਾ ਲਗਾਉਣ ਲਈ ਤਫ਼ਤੀਸ਼ ਜਾਰੀ ਹੈ।
ਇਸ ਦਰਦਨਾਕ ਘਟਨਾ ਤੋਂ ਬਾਅਦ ਪਿੰਡ ਬੀੜ ਚਹਿਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇੱਕ ਪਲ ਵਿੱਚ ਹੀ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ ਅਤੇ ਮਾਸੂਮ ਬੱਚੀਆਂ ਦੀ ਮੌਤ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ।

