June 23, 2026
#Punjab News

ਸ਼ਹੀਦੀ ਦਿਵਸ ਮੌਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ ਤੇ ਤਰੁਣ ਚੁੱਘ, ਅਕਾਲ ਤਖ਼ਤ ਦੀ ਮਹੱਤਤਾ ਨੂੰ ਦੱਸਿਆ ਸਰਵਉੱਚ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਦੇਸ਼, ਪੰਜਾਬ ਅਤੇ ਸਮੂਹ ਮਨੁੱਖਤਾ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਸੱਚ, ਧਰਮ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਮਹਾਨ ਕੁਰਬਾਨੀ ਕਰਾਰ ਦਿੱਤਾ।

ਅੰਮ੍ਰਿਤਸਰ ਪਹੁੰਚਣ ‘ਤੇ ਤਰੁਣ ਚੁੱਘ ਦਾ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਦੋਵੇਂ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ ਅਤੇ ਗੁਰੂ ਘਰ ਵਿੱਚ ਸ਼ਰਧਾ ਸਹਿਤ ਅਰਦਾਸ ਕੀਤੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਦੀ ਸੇਵਾ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇੱਕ ਨਿਮਾਣੇ ਸਿੱਖ ਵਜੋਂ ਉਨ੍ਹਾਂ ਨੂੰ ਗੁਰੂ ਘਰ ਵਿੱਚ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਿਆ ਹੈ।

ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਰਿਆਦਾ, ਪਵਿੱਤਰਤਾ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਸੰਗਠਨ ਤੋਂ ਕਿਤੇ ਵੱਧ ਹੈ ਅਤੇ ਇਸ ਪ੍ਰਤੀ ਹਰ ਕਿਸੇ ਨੂੰ ਸੰਵੇਦਨਸ਼ੀਲ ਅਤੇ ਸਤਿਕਾਰਪੂਰਵਕ ਰਵੱਈਆ ਅਪਣਾਉਣਾ ਚਾਹੀਦਾ ਹੈ।

ਇਸ ਮੌਕੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮਨੁੱਖਤਾ ਲਈ ਇੱਕ ਅਮਰ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰਾ ਦੇਸ਼ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰ ਰਿਹਾ ਹੈ। ਦੋਵੇਂ ਆਗੂਆਂ ਨੇ ਪੰਜਾਬ ਦੀ ਖੁਸ਼ਹਾਲੀ, ਦੇਸ਼ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਅਰਦਾਸ ਕਰਦੇ ਹੋਏ ਗੁਰੂ ਸਾਹਿਬ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ।