ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਅੰਮ੍ਰਿਤਸਰ ਵਿਖੇ ਭਾਜਪਾ ਦੀ ਪੰਜਾਬ ਕੋਰ ਕਮੇਟੀ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਅਗਵਾਈ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਕੀਤੀ।
ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ, ਸਾਬਕਾ ਮੰਤਰੀਆਂ ਅਤੇ ਵੱਖ-ਵੱਖ ਅਹੁਦੇਦਾਰਾਂ ਨੇ ਸ਼ਮੂਲੀਅਤ ਕਰਦਿਆਂ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਉਣ ਵਾਲੀਆਂ ਚੋਣਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਇਸ ਦੌਰਾਨ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ, ਪਾਰਟੀ ਦੇ ਜਨ ਆਧਾਰ ਨੂੰ ਵਧਾਉਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ ਤਿਆਰ ਕੀਤੀ ਗਈ।
ਭਾਜਪਾ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਵਿੱਚ ਭਾਜਪਾ ਹੋਰ ਮਜ਼ਬੂਤ ਹੋਵੇਗੀ। ਮੀਟਿੰਗ ਦੌਰਾਨ ਪੰਜਾਬ ਵਿੱਚ ‘ਡਬਲ ਇੰਜਣ ਸਰਕਾਰ’ ਬਣਾਉਣ ਦੇ ਸੰਕਲਪ ਨੂੰ ਵੀ ਦੁਹਰਾਇਆ ਗਿਆ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪਾਰਟੀ ਦੀ ਵਚਨਬੱਧਤਾ ਜਤਾਈ ਗਈ।
ਆਗੂਆਂ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਹਰ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਆਮ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਗਿਆ।

