ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਨਸ਼ਾ-ਮੁਕਤ ਅਤੇ ਗੈਂਗਸਟਰ-ਮੁਕਤ ਬਣਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ੇ ਅਤੇ ਗੈਂਗਸਟਰਵਾਦ ਦਾ ਪੂਰੀ ਤਰ੍ਹਾਂ ਖ਼ਾਤਮਾ ਨਹੀਂ ਹੋ ਜਾਂਦਾ।
ਧਾਲੀਵਾਲ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 1 ਮਾਰਚ 2025 ਤੋਂ 25 ਜੂਨ 2026 ਤੱਕ ਪੰਜਾਬ ਪੁਲਿਸ ਨੇ 5,091 ਮਾਮਲੇ ਦਰਜ ਕਰਕੇ 7,105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ, ਅਫ਼ੀਮ, ਭੁੱਕੀ, ਹਸ਼ੀਸ਼, ਗਾਂਜਾ, ਕੋਕੀਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ 18.73 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਪਹਿਲੀ ਸਰਕਾਰ ਹੈ ਜਿਸ ਨੇ ਵੱਡੇ ਨਸ਼ਾ ਤਸਕਰਾਂ ਦੀਆਂ ਗੈਰਕਾਨੂੰਨੀ ਜਾਇਦਾਦਾਂ ‘ਤੇ ਕਾਰਵਾਈ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਸੈਂਕੜਿਆਂ ਥਾਵਾਂ ‘ਤੇ ਛਾਪੇਮਾਰੀ ਕਰਕੇ ਕਈ ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਕੁਲਦੀਪ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਾਕਿਸਤਾਨ ਸਰਹੱਦ ਰਾਹੀਂ ਡਰੋਨਾਂ ਨਾਲ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਪੰਜਾਬ ਨੂੰ ਲੋੜੀਂਦਾ ਐਂਟੀ-ਡਰੋਨ ਸਿਸਟਮ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਪੂਰਾ ਸਹਿਯੋਗ ਦੇਵੇ ਤਾਂ ਨਸ਼ੇ ਅਤੇ ਵਿਦੇਸ਼ਾਂ ਤੋਂ ਚੱਲ ਰਹੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਕਾਰਵਾਈ ਹੋਰ ਪ੍ਰਭਾਵਸ਼ਾਲੀ ਹੋ ਸਕਦੀ ਹੈ।
ਧਾਲੀਵਾਲ ਨੇ ਇਹ ਵੀ ਕਿਹਾ ਕਿ ਰਾਜ ਸਰਕਾਰ ਲੋਕ ਭਲਾਈ ਲਈ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਮਹਿਲਾਵਾਂ ਲਈ ਆਰਥਿਕ ਸਹਾਇਤਾ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਵਰਗੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ।

