ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਕਤਲ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਨਾਭਾ ਓਪਨ ਖੇਤੀਬਾੜੀ ਜੇਲ੍ਹ ਪ੍ਰਸ਼ਾਸਨ ਨੇ ਹੁਸ਼ਿਆਰਪੁਰ ਪੁਲਿਸ ਨੂੰ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਲੱਭਣ ਦੇ ਨਿਰਦੇਸ਼ ਦਿੱਤੇ ਹਨ। ਹੁਸ਼ਿਆਰਪੁਰ ਸਦਰ ਥਾਣਾ ਪੁਲਿਸ ਨੇ ਵੀ ਇਸ ਸਬੰਧੀ ਕਾਰਵਾਈ ਦੀ ਪੁਸ਼ਟੀ ਕੀਤੀ ਹੈ।
ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਮਈ 2023 ਵਿੱਚ ਨਾਭਾ ਓਪਨ ਜੇਲ੍ਹ ਤੋਂ ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਮਿਲੀ ਸੀ। ਇਸ ਤੋਂ ਪਹਿਲਾਂ ਸਤੰਬਰ 2022 ਵਿੱਚ ਪੰਜਾਬ ਸਰਕਾਰ ਨੇ ਉਸ ਦੀ ਸਮੇਂ ਤੋਂ ਪਹਿਲਾਂ ਰਿਹਾਈ ਸਬੰਧੀ ਪ੍ਰਸਤਾਵ ਰਾਜਪਾਲ ਕੋਲ ਭੇਜਿਆ ਸੀ, ਜੋ ਅਜੇ ਵੀ ਵਿਚਾਰ ਅਧੀਨ ਹੈ।
ਜੇਲ੍ਹ ਅਧਿਕਾਰੀਆਂ ਮੁਤਾਬਕ, ਹਾਈ ਕੋਰਟ ਦੇ ਇੱਕ ਪੁਰਾਣੇ ਹੁਕਮ ਦੇ ਆਧਾਰ ‘ਤੇ ਜੇ ਰਾਜਪਾਲ ਤਿੰਨ ਮਹੀਨਿਆਂ ਅੰਦਰ ਮੁਆਫ਼ੀ ਸਬੰਧੀ ਫ਼ੈਸਲਾ ਨਾ ਲੈਣ ਤਾਂ ਅੰਤਿਮ ਫ਼ੈਸਲੇ ਤੱਕ ਕੈਦੀ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਜਾ ਸਕਦਾ ਹੈ। ਇਸੇ ਅਧਾਰ ‘ਤੇ ਪਟਿਆਲਾ ਦੀ ਅਦਾਲਤ ਨੇ ਜਸਪਾਲ ਸਿੰਘ ਨੂੰ ਜ਼ਮਾਨਤ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਨੂੰ 1995 ਵਿੱਚ ਅਗਵਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ 2005 ਵਿੱਚ ਸੀਬੀਆਈ ਅਦਾਲਤ ਨੇ ਸਾਬਕਾ ਡੀਐਸਪੀ ਜਸਪਾਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਹਾਈ ਕੋਰਟ ਨੇ ਮਾਮਲੇ ਵਿੱਚ ਹੋਰ ਦੋਸ਼ੀਆਂ ਦੀਆਂ ਸਜ਼ਾਵਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਸਨ।

