August 12, 2026
#Punjab News

ਬਠਿੰਡਾ ਫਲ ਮੰਡੀ ‘ਚ ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਿਆ, ਵੀਡੀਓ ਵਾਇਰਲ

ਬਠਿੰਡਾ ਦੀ ਸਥਾਨਕ ਫਲ ਮੰਡੀ ਵਿੱਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਚੋਰੀ ਦੇ ਸ਼ੱਕ ਹੇਠ ਦੋ ਨੌਜਵਾਨਾਂ ਨੂੰ ਮੰਡੀ ਦੇ ਇੱਕ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਜਾਣਕਾਰੀ ਮੁਤਾਬਕ, ਦੋਵੇਂ ਨੌਜਵਾਨ ਫਲ ਮੰਡੀ ਵਿੱਚ ਮਜ਼ਦੂਰੀ ਕਰਦੇ ਸਨ। ਉਨ੍ਹਾਂ ‘ਤੇ ਫਲ ਚੋਰੀ ਕਰਨ ਦਾ ਸ਼ੱਕ ਜਤਾਇਆ ਗਿਆ, ਜਿਸ ਤੋਂ ਬਾਅਦ ਕੁਝ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਸ਼ ਹੈ ਕਿ ਦੁਕਾਨਦਾਰਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈਂਦਿਆਂ ਦੋਵਾਂ ਨੂੰ ਖੰਭੇ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਇਸ ਦੌਰਾਨ ਮੰਡੀ ਵਿੱਚ ਤਾਇਨਾਤ ਦੋ ਮਹਿਲਾ ਪ੍ਰਾਈਵੇਟ ਸੁਰੱਖਿਆ ਗਾਰਡਾਂ ਵੱਲੋਂ ਵੀ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ।

ਕੁੱਟਮਾਰ ਤੋਂ ਬਾਅਦ ਦੋਵੇਂ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਦੀ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਉੱਠ ਰਹੀ ਹੈ।

ਮਾਮਲੇ ਸਬੰਧੀ ਜਾਂਚ ਅਧਿਕਾਰੀ ਏਐਸਆਈ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਫਲ ਵਿਕਰੇਤਾ ਵੱਲੋਂ ਪੁਲਿਸ ਨੂੰ ਇੱਕ ਲਿਖਤੀ ਸਮਝੌਤਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ਦੋਵੇਂ ਨੌਜਵਾਨਾਂ ਖ਼ਿਲਾਫ਼ ਕੋਈ ਕਾਨੂੰਨੀ ਕਾਰਵਾਈ ਨਹੀਂ ਚਾਹੁੰਦਾ। ਇਸ ਕਾਰਨ ਫਿਲਹਾਲ ਪੁਲਿਸ ਵੱਲੋਂ ਕੋਈ ਕੇਸ ਦਰਜ ਨਹੀਂ ਕੀਤਾ ਗਿਆ।

ਹਾਲਾਂਕਿ, ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਤੋਂ ਬਾਅਦ ਲੋਕ ਸਵਾਲ ਉਠਾ ਰਹੇ ਹਨ ਕਿ ਕਿਸੇ ਵੀ ਸ਼ੱਕ ਦੇ ਆਧਾਰ ‘ਤੇ ਕਿਸੇ ਨੂੰ ਖੁਦ ਸਜ਼ਾ ਦੇਣਾ ਕਾਨੂੰਨ ਦੇ ਉਲਟ ਹੈ ਅਤੇ ਅਜਿਹੀਆਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।