August 12, 2026
#Punjab News

NEET ਪੇਪਰ ਲੀਕ ਅਤੇ ਜੰਤਰ-ਮੰਤਰ ਲਾਠੀਚਾਰਜ ਖ਼ਿਲਾਫ਼ ਲੁਧਿਆਣਾ ‘ਚ ਵਿਦਿਆਰਥੀਆਂ ਦਾ ਰੋਸ਼ ਮਾਰਚ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

NEET ਪੇਪਰ ਲੀਕ ਅਤੇ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਰੋਸ਼ ਮਾਰਚ ਕੱਢਿਆ। ਸਟੂਡੈਂਟਸ ਕੌਕਰੋਚ ਜਨਤਾ ਪਾਰਟੀ (CJP) ਦੇ ਸਮਰਥਨ ਨਾਲ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਹਿਰ ਦੀ ਕਿੱਪਸ ਮਾਰਕੀਟ ਵਿੱਚ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੇਪਰ ਲੀਕ ਦੀਆਂ ਲਗਾਤਾਰ ਘਟਨਾਵਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ

ਵਿਦਿਆਰਥੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਖਾਮੀਆਂ ਕਾਰਨ ਵਿਦਿਆਰਥੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕਰਨ ਦੀ ਵੀ ਮੰਗ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮਾਪੇ ਕਰਜ਼ੇ ਲੈ ਕੇ ਬੱਚਿਆਂ ਦੀ ਪੜ੍ਹਾਈ ਕਰਵਾਉਂਦੇ ਹਨ, ਪਰ ਜਦੋਂ ਪੇਪਰ ਲੀਕ ਹੁੰਦੇ ਹਨ ਤਾਂ ਵਿਦਿਆਰਥੀਆਂ ਦੀ ਸਾਲਾਂ ਦੀ ਮਿਹਨਤ ‘ਤੇ ਪਾਣੀ ਫਿਰ ਜਾਂਦਾ ਹੈ।

ਜੰਤਰ-ਮੰਤਰ ਲਾਠੀਚਾਰਜ ਦੀ ਨਿੰਦਾ

ਵਿਦਿਆਰਥੀਆਂ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਆਪਣੀ ਗੱਲ ਰੱਖਣ ਵਾਲੇ ਵਿਦਿਆਰਥੀਆਂ ਨਾਲ ਅਜਿਹਾ ਵਰਤਾਅ ਠੀਕ ਨਹੀਂ ਹੈ।

ਪ੍ਰਦਰਸ਼ਨ ਦੌਰਾਨ ‘ਸੋਨਮ ਵਾਂਗਚੁਕ ਜ਼ਿੰਦਾਬਾਦ’ ਦੇ ਨਾਅਰੇ ਵੀ ਲਗਾਏ ਗਏ।

ਖ਼ੂਨ ਨਾਲ ਲਿਖੀ ਚਿੱਠੀ ਦਾ ਜਵਾਬ ਮੰਗਿਆ

ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਆਪਣੇ ਖ਼ੂਨ ਨਾਲ ਲਿਖੀ ਚਿੱਠੀ ਭੇਜੀ ਗਈ ਸੀ, ਪਰ ਅਜੇ ਤੱਕ ਉਸ ਦਾ ਕੋਈ ਜਵਾਬ ਨਹੀਂ ਮਿਲਿਆ।

ਪ੍ਰਦਰਸ਼ਨਕਾਰੀਆਂ ਨੇ ਇਹ ਮੰਗਾਂ ਵੀ ਰੱਖੀਆਂ:

  • ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਦੇਣ।
  • ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
  • ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਪੇਪਰ ਲੀਕ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ।