ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਾਨਸਿਕ ਸਿਹਤ ਸੰਭਾਲ ਕਾਨੂੰਨ (Mental Healthcare Act) ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਨਿੱਜੀ ਹਲਫ਼ਨਾਮੇ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਨੂੰ ਵੀ ਕਾਨੂੰਨ ਅਧੀਨ ਲੋੜੀਂਦੇ ਅਥਾਰਟੀ ਬੋਰਡਾਂ ਦੇ ਗਠਨ ਬਾਰੇ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ।
ਅੱਠ ਸਾਲ ਬਾਅਦ ਵੀ ਕਾਨੂੰਨ ਪੂਰੀ ਤਰ੍ਹਾਂ ਲਾਗੂ ਨਹੀਂ
ਐਕਟਿੰਗ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਟਿੱਪਣੀ ਕਰਦਿਆਂ ਕਿਹਾ ਕਿ ਕਾਨੂੰਨ ਲਾਗੂ ਹੋਏ ਅੱਠ ਸਾਲ ਬੀਤ ਜਾਣ ਦੇ ਬਾਵਜੂਦ ਪੰਜਾਬ ਅਤੇ ਹਰਿਆਣਾ ਵਿੱਚ ਇਸ ਦੀਆਂ ਵਿਵਸਥਾਵਾਂ ਉਮੀਦ ਮੁਤਾਬਕ ਲਾਗੂ ਨਹੀਂ ਕੀਤੀਆਂ ਗਈਆਂ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਅਦਾਲਤ ਨੇ ਨੋਟ ਕੀਤਾ ਕਿ ਹਰਿਆਣਾ ਸਰਕਾਰ ਨੇ ਨਿਯਮ ਤਾਂ ਬਣਾ ਦਿੱਤੇ ਹਨ, ਪਰ ਅਜੇ ਤੱਕ ਸਟੇਟ ਮੈਂਟਲ ਹੈਲਥ ਅਥਾਰਟੀ ਅਤੇ ਮੈਂਟਲ ਹੈਲਥ ਰਿਵਿਊ ਬੋਰਡ ਦਾ ਗਠਨ ਨਹੀਂ ਕੀਤਾ ਗਿਆ।
ਪੰਜਾਬ ਸਰਕਾਰ ਨੇ ਮੰਗਿਆ ਇੱਕ ਹਫ਼ਤੇ ਦਾ ਸਮਾਂ
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਹਲਫ਼ਨਾਮਾ ਦਾਖ਼ਲ ਕਰਨ ਲਈ ਅਦਾਲਤ ਤੋਂ ਇੱਕ ਹਫ਼ਤੇ ਦਾ ਸਮਾਂ ਮੰਗਿਆ।
ਅਦਾਲਤ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਸਮਾਜ ਦੇ ਉਨ੍ਹਾਂ ਲੋਕਾਂ ਦੀ ਭਲਾਈ ਲਈ ਬਣਾਇਆ ਗਿਆ ਹੈ ਜੋ ਆਪਣੀ ਦੇਖਭਾਲ ਖੁਦ ਕਰਨ ਦੇ ਸਮਰੱਥ ਨਹੀਂ ਹਨ। ਇਸ ਲਈ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਾਨੂੰਨ ਦੀਆਂ ਸਾਰੀਆਂ ਵਿਵਸਥਾਵਾਂ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕੀਤਾ ਜਾਵੇ।
ਜਨਹਿਤ ਪਟੀਸ਼ਨ ‘ਤੇ ਹੋ ਰਹੀ ਹੈ ਸੁਣਵਾਈ
ਇਹ ਹੁਕਮ ਪੁਸ਼ਪਾਜਲੀ ਟਰੱਸਟ ਵੱਲੋਂ ਦਾਇਰ ਕੀਤੀ ਗਈ ਜਨਹਿਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਦਿੱਤੇ ਗਏ। ਪਟੀਸ਼ਨ ਵਿੱਚ ਮੰਗ ਕੀਤੀ ਗਈ ਹੈ ਕਿ ਮਾਨਸਿਕ ਤੌਰ ‘ਤੇ ਬਿਮਾਰ ਵਿਅਕਤੀਆਂ ਲਈ ਰਿਹਾਇਸ਼ੀ ਸਮੂਹ ਘਰ (Group Homes) ਬਣਾਏ ਜਾਣ ਅਤੇ ਇਸ ਲਈ ਨਿਰਧਾਰਤ ਸਮਾਂ-ਸੀਮਾ ਅੰਦਰ ਇੱਕ ਵਿਆਪਕ ਨੀਤੀ ਤਿਆਰ ਕੀਤੀ ਜਾਵੇ।
ਮਾਮਲੇ ਦੀ ਅਗਲੀ ਸੁਣਵਾਈ 27 ਅਗਸਤ ਨੂੰ ਹੋਵੇਗੀ।

