ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਲਈ ਵੱਡਾ ਐਲਾਨ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਸੇਵਾ ਨਿਭਾ ਰਹੇ ਕੰਟਰੈਕਟ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਨੂੰ ਪੱਕਾ ਕੀਤਾ ਜਾਵੇਗਾ।
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਨੇ ਦੱਸਿਆ ਕਿ ਇਹ ਫ਼ੈਸਲਾ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਨਾਲ ਹੋਈਆਂ ਲੰਬੀਆਂ ਮੀਟਿੰਗਾਂ ਅਤੇ ਆਪਸੀ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀ ਤਿੰਨ ਸਾਲ ਦੀ ਲਗਾਤਾਰ ਸੇਵਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਸਿੱਧੇ ਇਕਰਾਰਨਾਮੇ ਹੇਠ ਲਿਆਂਦਾ ਜਾਵੇਗਾ, ਜਦਕਿ ਪੰਜ ਸਾਲ ਦੀ ਸੇਵਾ ਪੂਰੀ ਕਰਨ ਵਾਲੇ ਅਤੇ 2021 ਵਿੱਚ ਭਰਤੀ ਹੋਏ ਇਕਰਾਰਨਾਮਾ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸਰਕਾਰ ਨੇ 1 ਅਗਸਤ 2026 ਤੋਂ ਇਕਰਾਰਨਾਮੇ ‘ਤੇ ਕੰਮ ਕਰ ਰਹੇ ਸਫਾਈ ਅਮਲੇ ਦੀ ਮਹੀਨਾਵਾਰ ਤਨਖਾਹ ਵਧਾ ਕੇ 20,520 ਰੁਪਏ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸਰਕਾਰ ਠੇਕੇ ‘ਤੇ ਕੰਮ ਕਰ ਰਹੇ ਸਫਾਈ ਸੇਵਕਾਂ ਦੀ ਤਨਖਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕਰਨ ਦਾ ਐਲਾਨ ਕਰ ਚੁੱਕੀ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੌਨਸੂਨ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸਫਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਸਫਾਈ ਕਾਮਿਆਂ ਅਤੇ ਸੀਵਰਮੈਨਾਂ ਨੂੰ ਹੜਤਾਲ ਖਤਮ ਕਰਕੇ ਤੁਰੰਤ ਡਿਊਟੀ ‘ਤੇ ਵਾਪਸ ਆਉਣ ਦੀ ਅਪੀਲ ਕੀਤੀ।
ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਪਿਛਲੇ ਕੁਝ ਦਿਨਾਂ ਦੌਰਾਨ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧ ਪ੍ਰਭਾਵਿਤ ਹੋਏ ਸਨ। ਸਰਕਾਰ ਦਾ ਕਹਿਣਾ ਹੈ ਕਿ ਹੜਤਾਲ ਖਤਮ ਹੋਣ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਪੰਚਾਇਤਾਂ ਅਧੀਨ ਸਫਾਈ ਸੇਵਾਵਾਂ ਮੁੜ ਆਮ ਵਾਂਗ ਚੱਲਣਗੀਆਂ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਮੰਤਰੀ ਨੇ ਕਿਹਾ ਕਿ ਸਫਾਈ ਸੇਵਕ ਅਤੇ ਸੀਵਰਮੈਨ ਸ਼ਹਿਰਾਂ ਅਤੇ ਪਿੰਡਾਂ ਦੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਕਦਮ ਚੁੱਕਦੀ ਰਹੇਗੀ।

