August 12, 2026
#Punjab News

ਖਹਿਰਾ ਨੇ ਹਰਜੋਤ ਬੈਂਸ ਦੇ ਅਸਤੀਫ਼ੇ ਦੀ ਕੀਤੀ ਮੰਗ, ਕੈਨੇਡਾ ਦੌਰੇ ਤੇ ਪੇਪਰ ਲੀਕ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੰਡੀਗੜ੍ਹ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਉਨ੍ਹਾਂ ਤੋਂ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਜਨਵਰੀ 2024 ਦੌਰਾਨ ਹਰਜੋਤ ਸਿੰਘ ਬੈਂਸ ਦਾ ਕੈਨੇਡਾ ਦੌਰਾ ਨਿੱਜੀ ਸੀ, ਪਰ ਇਸ ਨੂੰ ਸਰਕਾਰੀ ਦੌਰਾ ਦਰਸਾ ਕੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੀਬ ਤਿੰਨ ਲੱਖ ਰੁਪਏ ਦਾ ਭੁਗਤਾਨ ਕਰਵਾਇਆ ਗਿਆ।

ਖਹਿਰਾ ਨੇ ਪੰਜਾਬ ਵਿੱਚ ਕਥਿਤ ਪੇਪਰ ਲੀਕ ਮਾਮਲਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਤੁਰੰਤ ਮੰਤਰੀ ਮੰਡਲ ਤੋਂ ਹਟਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਬੰਧਤ ਮੰਤਰੀ ਆਪਣੇ ਅਹੁਦਿਆਂ ‘ਤੇ ਬਣੇ ਰਹਿਣਗੇ, ਕਿਸੇ ਵੀ ਮਾਮਲੇ ਦੀ ਨਿਰਪੱਖ ਜਾਂਚ ਸੰਭਵ ਨਹੀਂ ਹੈ।

ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸਿੱਖਿਆ ਵਿਭਾਗ ਵਿੱਚ ਵਿੱਤੀ ਅਨਿਯਮਤਤਾਵਾਂ ਅਤੇ ਕਥਿਤ ਗੜਬੜੀਆਂ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਹਰਜੋਤ ਸਿੰਘ ਬੈਂਸ ਨੂੰ ਅਹੁਦੇ ਤੋਂ ਹਟਾ ਕੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਸੁਖਪਾਲ ਸਿੰਘ ਖਹਿਰਾ ਨੇ ਕੌਕਰੋਚ ਜਨਤਾ ਪਾਰਟੀ (CJP) ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਕਥਿਤ ਪੇਪਰ ਲੀਕ ਮਾਮਲਿਆਂ ‘ਤੇ ਉਸ ਨੇ ਨਾ ਕੋਈ ਵਿਰੋਧ ਦਰਜ ਕਰਵਾਇਆ ਅਤੇ ਨਾ ਹੀ ਕੋਈ ਬਿਆਨ ਜਾਰੀ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਦੇ ਬਾਵਜੂਦ ਸਰਕਾਰ ਨੇ ਕਾਨੂੰਨੀ ਸੋਧਾਂ ਨਹੀਂ ਕੀਤੀਆਂ।

ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਜ਼ੀਰੋ ਟਾਲਰੈਂਸ ਅਤੇ ਬਦਲਾਅ ਦੇ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀ, ਪਰ ਹੁਣ ਇਸ ਦੇ ਆਪਣੇ ਮੰਤਰੀ ਹੀ ਗੰਭੀਰ ਵਿਵਾਦਾਂ ਅਤੇ ਦੋਸ਼ਾਂ ਦੇ ਘੇਰੇ ਵਿੱਚ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵਿੱਚ ਨੈਤਿਕਤਾ ਬਾਕੀ ਹੈ ਤਾਂ ਹਰਜੋਤ ਸਿੰਘ ਬੈਂਸ ਨੂੰ ਅਹੁਦੇ ਤੋਂ ਹਟਾ ਕੇ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ।

ਉੱਧਰ, ਆਮ ਆਦਮੀ ਪਾਰਟੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਸਿਆਸੀ ਪ੍ਰੇਰਿਤ ਕਰਾਰ ਦਿੱਤਾ ਗਿਆ ਹੈ।