ਚੰਡੀਗੜ੍ਹ: ਪੰਜਾਬ ਵਿੱਚ ਕਈ ਦਿਨਾਂ ਤੋਂ ਜਾਰੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸੂਬਾ ਪੱਧਰੀ ਹੜਤਾਲ ਆਖਿਰਕਾਰ ਸਮਾਪਤ ਹੋ ਗਈ ਹੈ। ਪੰਜਾਬ ਸਰਕਾਰ ਅਤੇ ਸਫਾਈ ਸੇਵਕ ਯੂਨੀਅਨ ਵਿਚਾਲੇ ਹੋਈ ਸਹਿਮਤੀ ਤੋਂ ਬਾਅਦ ਯੂਨੀਅਨ ਨੇ ਆਪਣਾ ਅੰਦੋਲਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸੂਬੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਸਫਾਈ ਸੇਵਾਵਾਂ ਮੁੜ ਆਮ ਹੋਣ ਦੀ ਉਮੀਦ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਨੇ ਯੂਨੀਅਨ ਦੀਆਂ ਮੁੱਖ ਮੰਗਾਂ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਮੁਤਾਬਕ 2021 ਵਿੱਚ ਠੇਕੇ ਦੇ ਆਧਾਰ ‘ਤੇ ਭਰਤੀ ਕੀਤੇ ਗਏ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਬਿਨਾਂ ਕਿਸੇ ਵਾਧੂ ਸ਼ਰਤ ਦੇ ਪੱਕਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਤਨਖਾਹ ਸਕੇਲ ਅਤੇ ਹੋਰ ਭੱਤੇ ਵੀ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਤਿੰਨ ਸਾਲ ਦੀ ਲਗਾਤਾਰ ਸੇਵਾ ਪੂਰੀ ਕਰ ਚੁੱਕੇ ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ਦੇ ਅਧੀਨ ਲਿਆਂਦਾ ਜਾਵੇਗਾ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ 1 ਅਗਸਤ 2026 ਤੋਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ ਜਾਵੇਗਾ।
ਸਫਾਈ ਸੇਵਕ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਰਮੇਸ਼ ਕੁਮਾਰ ਨੇ ਵੀ ਹੜਤਾਲ ਖਤਮ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਯੂਨੀਅਨ ਦੀਆਂ ਅਹਿਮ ਮੰਗਾਂ ਨੂੰ ਮੰਨ ਲਿਆ ਗਿਆ ਹੈ, ਜਿਸ ਤੋਂ ਬਾਅਦ ਸੰਘਰਸ਼ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ।
ਯੂਨੀਅਨ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿੱਚ ਸੂਬੇ ਭਰ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਬਹਾਲ ਕਰ ਦਿੱਤੇ ਜਾਣਗੇ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

