August 11, 2026
#Punjab News

Punjab Congress Crisis: ਚੰਨੀ-ਵੜਿੰਗ ਵਿਵਾਦ ਵਿਚਕਾਰ ਬਾਜਵਾ ਐਕਸ਼ਨ ‘ਚ, ਰਾਹੁਲ ਗਾਂਧੀ ਨਾਲ ਮੀਟਿੰਗ ਲਈ ਮੰਗਿਆ ਸਮਾਂ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਪਾਰਟੀ ਦੀ ਸਿਆਸਤ ਇੱਕ ਨਵੇਂ ਮੋੜ ‘ਤੇ ਪਹੁੰਚਦੀ ਦਿਖਾਈ ਦੇ ਰਹੀ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨਾਲ ਮੁਲਾਕਾਤ ਕਰਨ ਦਾ ਫੈਸਲਾ ਲਿਆ ਗਿਆ।

ਜਾਣਕਾਰੀ ਅਨੁਸਾਰ, ਪ੍ਰਤਾਪ ਸਿੰਘ ਬਾਜਵਾ ਅਤੇ ਕਈ ਕਾਂਗਰਸੀ ਵਿਧਾਇਕਾਂ ਨੇ ਸਾਂਝੇ ਤੌਰ ‘ਤੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਵਿਧਾਇਕਾਂ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਅਤੇ ਸੰਗਠਨਕ ਹਾਲਾਤ ਬਾਰੇ ਹਾਈਕਮਾਂਡ ਨੂੰ ਸਿੱਧੀ ਜਾਣਕਾਰੀ ਦੇਣਾ ਲਾਜ਼ਮੀ ਹੈ।

ਚੰਨੀ-ਵੜਿੰਗ ਵਿਵਾਦ ਵਿਚਕਾਰ ਵਧੀ ਹਲਚਲ

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਚੱਲ ਰਹੇ ਮਤਭੇਦਾਂ ਦੇ ਮਾਹੌਲ ਵਿੱਚ ਇਹ ਮੀਟਿੰਗ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਪਾਰਟੀ ਦੇ ਕਈ ਆਗੂਆਂ ਦਾ ਮੰਨਣਾ ਹੈ ਕਿ ਅੰਦਰੂਨੀ ਵਿਵਾਦਾਂ ਦਾ ਹੱਲ ਸਿਰਫ਼ ਕਾਂਗਰਸ ਹਾਈਕਮਾਂਡ ਦੇ ਦਖ਼ਲ ਨਾਲ ਹੀ ਸੰਭਵ ਹੈ।

ਸੂਤਰਾਂ ਅਨੁਸਾਰ, ਪ੍ਰਤਾਪ ਸਿੰਘ ਬਾਜਵਾ ਇਸ ਮਾਮਲੇ ਸਬੰਧੀ ਦਿੱਲੀ ਵੀ ਪਹੁੰਚੇ ਹਨ, ਜਿੱਥੇ ਰਾਹੁਲ ਗਾਂਧੀ ਨਾਲ ਸੰਭਾਵੀ ਮੀਟਿੰਗ ਦੀ ਤਿਆਰੀ ਚੱਲ ਰਹੀ ਹੈ।

ਵਿਧਾਨ ਸਭਾ ਸੈਸ਼ਨ ਦੌਰਾਨ ਬਣੀ ਸਹਿਮਤੀ

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਢਿੱਲੋਂ (ਕਾਲਾ ਢਿੱਲੋਂ) ਨੇ ਦੱਸਿਆ ਕਿ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਹੋਈ ਪਾਰਟੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਕਾਂਗਰਸ ਦੇ ਮੌਜੂਦਾ ਹਾਲਾਤਾਂ ਬਾਰੇ ਰਾਹੁਲ ਗਾਂਧੀ ਨਾਲ ਸਿੱਧੀ ਗੱਲਬਾਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਿਰਫ਼ ਅੰਦਰੂਨੀ ਮਤਭੇਦਾਂ ਹੀ ਨਹੀਂ, ਸਗੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ‘ਤੇ ਵੀ ਵਿਚਾਰ ਕੀਤਾ ਜਾਵੇਗਾ।

ਹਾਈਕਮਾਂਡ ਦੀ ਮੀਟਿੰਗ ‘ਤੇ ਟਿਕੀਆਂ ਨਜ਼ਰਾਂ

ਸਿਆਸੀ ਮਾਹਿਰਾਂ ਦੀ ਨਜ਼ਰ ਹੁਣ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਸੰਭਾਵੀ ਮੀਟਿੰਗ ‘ਤੇ ਟਿਕੀ ਹੋਈ ਹੈ। ਜੇਕਰ ਇਹ ਮੀਟਿੰਗ ਹੁੰਦੀ ਹੈ ਤਾਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਵਿਵਾਦਾਂ ਦੇ ਹੱਲ ਅਤੇ ਭਵਿੱਖ ਦੀ ਸਿਆਸੀ ਰਣਨੀਤੀ ਨੂੰ ਲੈ ਕੇ ਅਹਿਮ ਫੈਸਲੇ ਸਾਹਮਣੇ ਆ ਸਕਦੇ ਹਨ।