August 11, 2026
#Punjab News

Punjab Anti-Drug Campaign: ਨਸ਼ਾ ਵਿਰੋਧੀ ਜਾਗਰੂਕਤਾ ਲਈ ਪੰਜਾਬ ਸਰਕਾਰ ਨੇ 1 ਕਰੋੜ ਰੁਪਏ ਕੀਤੇ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਡਾ ਕਦਮ ਚੁੱਕਿਆ ਹੈ। ਵਿੱਤੀ ਸਾਲ 2026-27 ਲਈ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਵਾਸਤੇ 1 ਕਰੋੜ ਰੁਪਏ ਦੀ ਟੋਕਨ ਗਰਾਂਟ ਜਾਰੀ ਕੀਤੀ ਗਈ ਹੈ।

ਜਾਰੀ ਕੀਤੀ ਗਈ ਰਕਮ ਵਿੱਚੋਂ 85 ਲੱਖ ਰੁਪਏ 12 ਜ਼ਿਲ੍ਹਿਆਂ ਵਿੱਚ ਜਾਗਰੂਕਤਾ ਮੁਹਿੰਮਾਂ ਲਈ ਰੱਖੇ ਗਏ ਹਨ, ਜਦਕਿ 15 ਲੱਖ ਰੁਪਏ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਅਗਸਤ 2026 ਵਿੱਚ ਕਰਵਾਏ ਜਾਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ ਰਾਖਵੇਂ ਰੱਖੇ ਗਏ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਕਾਰਵਾਈ ਹੀ ਨਹੀਂ, ਸਗੋਂ ਜਾਗਰੂਕਤਾ, ਮੁੜ ਵਸੇਬਾ ਅਤੇ ਲੋਕਾਂ ਦੀ ਭਾਗੀਦਾਰੀ ‘ਤੇ ਵੀ ਬਰਾਬਰ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਸਰਕਾਰ ਦੀ ਪਹਿਲ ਹੈ।

ਉਨ੍ਹਾਂ ਦੱਸਿਆ ਕਿ ਫਾਜ਼ਿਲਕਾ, ਤਰਨ ਤਾਰਨ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਠਾਨਕੋਟ, ਕਪੂਰਥਲਾ, ਗੁਰਦਾਸਪੁਰ, ਲੁਧਿਆਣਾ ਅਤੇ ਪਟਿਆਲਾ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ। ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮਲੋਟ ਵਿੱਚ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਦਿਅਕ ਸੰਸਥਾਵਾਂ, ਯੁਵਾ ਸੰਗਠਨਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਰਗਰਮ ਭਾਗੀਦਾਰੀ ਹੋਵੇਗੀ। ਇਸ ਸਮਾਗਮ ਦਾ ਮਕਸਦ ਲੋਕਾਂ ਵਿੱਚ ਨਸ਼ਿਆਂ ਦੇ ਖ਼ਤਰੇ ਬਾਰੇ ਜਾਗਰੂਕਤਾ ਵਧਾਉਣਾ ਅਤੇ ਨਸ਼ਾ-ਮੁਕਤ ਪੰਜਾਬ ਦੇ ਸੰਦੇਸ਼ ਨੂੰ ਹਰ ਘਰ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਪਰਿਵਾਰਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੀ ਸਾਂਝੀ ਭੂਮਿਕਾ ਨਾਲ ਹੀ ਨਸ਼ਾ-ਮੁਕਤ ਪੰਜਾਬ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ।