ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਿੰਤਾ ਦਾ ਮਾਹੌਲ ਹੈ। ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਗਿਆਨੀ ਰਘਬੀਰ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਘਟਨਾ ਬਾਰੇ ਜਾਣਕਾਰੀ ਲਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਗੋਲੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਅਤੇ ਪੰਜਾਬ ਦੇ ਮਾਹੌਲ ਲਈ ਚਿੰਤਾਜਨਕ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਸੀਨੀਅਰ ਅਧਿਕਾਰੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਗੋਲੀਬਾਰੀ ਦੇ ਪਿੱਛੇ ਮੌਜੂਦ ਅਸਲ ਕਾਰਨਾਂ ਅਤੇ ਘਟਨਾ ਨਾਲ ਜੁੜੇ ਤੱਥਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
ਵਿਧਾਇਕ ਨੇ ਇਹ ਵੀ ਕਿਹਾ ਕਿ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੇ ਨਿੱਜੀ ਤੌਰ ’ਤੇ ਵੀ ਡੂੰਘੇ ਸਬੰਧ ਹਨ। ਉਨ੍ਹਾਂ ਅਨੁਸਾਰ ਅਜਨਾਲਾ ਖੇਤਰ ਵਿੱਚ ਹੜ੍ਹਾਂ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਲੋਕਾਂ ਦੀ ਮਦਦ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਇਸ ਕਰਕੇ ਔਖੇ ਸਮੇਂ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹਨਾ ਉਹ ਆਪਣਾ ਫਰਜ਼ ਸਮਝਦੇ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਕੌਮ ਦਾ ਵੱਡਾ ਸਰਮਾਇਆ ਦੱਸਦਿਆਂ ਕਿਹਾ ਕਿ ਉਨ੍ਹਾਂ ਵਰਗੀ ਧਾਰਮਿਕ ਸ਼ਖ਼ਸੀਅਤ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਜਾਂਚ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਮਾਮਲੇ ਦੀ ਸੱਚਾਈ ਜਾਂਚ ਤੋਂ ਬਾਅਦ ਸਾਹਮਣੇ ਆਵੇਗੀ।
ਇਸ ਮੌਕੇ ਧਾਲੀਵਾਲ ਨੇ ਬੀਤੇ ਦਿਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਅਜਿਹੀਆਂ ਹਿੰਸਕ ਘਟਨਾਵਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
