June 24, 2026
#Punjab News

ਸੀਐਮ ਮਾਨ ਦੀ ਕਥਿਤ ਵੀਡੀਓ ਮਾਮਲੇ ‘ਚ AAP ਦਾ ਐਕਸ਼ਨ, ਡੀਜੀਪੀ ਨੂੰ ਮਿਲੇਗਾ ਵਫ਼ਦ; ਜਾਅਲੀ ਵੀਡੀਓ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ (AAP) ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕਰੇਗਾ ਅਤੇ ਕਥਿਤ ਜਾਅਲੀ ਵੀਡੀਓ ਬਣਾਉਣ ਤੇ ਪ੍ਰਸਾਰਿਤ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰੇਗਾ।

ਵਫ਼ਦ ਦੀ ਅਗਵਾਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ, ਜਦਕਿ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂ, ਵਿਧਾਇਕ ਅਤੇ ਹੋਰ ਅਹੁਦੇਦਾਰ ਵੀ ਇਸ ਵਿੱਚ ਸ਼ਾਮਲ ਹੋਣਗੇ। ਪਾਰਟੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਤਹਿਤ ਇਹ ਵੀਡੀਓ ਤਿਆਰ ਕਰਕੇ ਫੈਲਾਈ ਗਈ ਹੈ।

ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਸੀ ਕਿ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਲੈਬਾਂ ਦੀ ਜਾਂਚ ਵਿੱਚ ਇਹ ਸਾਬਤ ਹੋਇਆ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਚਿਹਰੇ, ਕੱਦ, ਸਰੀਰਕ ਬਣਤਰ ਅਤੇ ਹੋਰ ਤਕਨੀਕੀ ਪੱਖਾਂ ਸਮੇਤ 1191 ਵੱਖ-ਵੱਖ ਐਂਗਲਾਂ ਤੋਂ ਵਿਸ਼ਲੇਸ਼ਣ ਕੀਤਾ ਗਿਆ।

ਚੀਮਾ ਨੇ ਦੋਸ਼ ਲਗਾਇਆ ਕਿ ਸਿਆਸੀ ਲਾਭ ਲਈ ਕਿਸੇ ਹੋਰ ਵਿਅਕਤੀ ਨੂੰ ਖੜ੍ਹਾ ਕਰਕੇ ਵੀਡੀਓ ਬਣਾਈ ਗਈ ਅਤੇ ਉਸਨੂੰ ਮੁੱਖ ਮੰਤਰੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੇ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੀ ਸਾਜ਼ਿਸ਼ ਹੋ ਸਕਦੀ ਹੈ, ਜਿਸਦਾ ਮਕਸਦ ਲੋਕਾਂ ਦੀਆਂ ਭਾਵਨਾਵਾਂ ਭੜਕਾਉਣਾ ਅਤੇ ਸਰਕਾਰ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਹੈ।

AAP ਵੱਲੋਂ ਹੁਣ ਇਸ ਮਾਮਲੇ ਵਿੱਚ ਪੁਲਿਸ ਨੂੰ ਰਸਮੀ ਸ਼ਿਕਾਇਤ ਦੇ ਕੇ ਦੋਸ਼ੀਆਂ ਦੀ ਪਛਾਣ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ।