September 12, 2026
#Punjab News

ਸ੍ਰੀ ਅਕਾਲ ਤਖ਼ਤ ਦੇ ਸੁਝਾਵਾਂ ‘ਤੇ ਕਰੇਗੀ ਸਰਕਾਰ ਵਿਚਾਰ, ਇੱਕ ਮਹੀਨੇ ‘ਚ ਸੋਧਾਂ ‘ਤੇ ਹੋਵੇਗਾ ਫ਼ੈਸਲਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਸਬੰਧੀ ਹੋਈ ਇਸ ਮੀਟਿੰਗ ਨੂੰ ਦੋਵਾਂ ਆਗੂਆਂ ਨੇ ਸਾਰਥਕ ਕਰਾਰ ਦਿੱਤਾ।

ਮੀਟਿੰਗ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ ਹੈ ਅਤੇ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਧਿਆਨ ਵਿੱਚ ਰੱਖਦਿਆਂ ਮੀਟਿੰਗ ਦੇ ਵੇਰਵੇ ਜਨਤਕ ਕਰਨਾ ਉਚਿਤ ਨਹੀਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਥੇਦਾਰ ਸਾਹਿਬ ਨੇ ਸਰਕਾਰ ਅਤੇ ਸਾਰੇ ਵਿਧਾਇਕਾਂ ਨੂੰ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੀਆਂ ਜਾਣ ਵਾਲੀਆਂ ਸੋਧਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਹੀਂ ਸਰਕਾਰ ਤੱਕ ਪਹੁੰਚਣਗੀਆਂ। ਸਰਕਾਰ ਇਨ੍ਹਾਂ ਸੁਝਾਵਾਂ ਦਾ ਅਧਿਐਨ ਕਰਕੇ ਇੱਕ ਮਹੀਨੇ ਦੇ ਅੰਦਰ ਆਪਣਾ ਫ਼ੈਸਲਾ ਲਵੇਗੀ।

ਇਸ ਦੌਰਾਨ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਖ ਭਾਵਨਾਵਾਂ ਅਨੁਸਾਰ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਸਹਿਮਤੀ ਜਤਾਈ। ਕਾਰਜਕਾਰੀ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਜ਼ਰੂਰੀ ਸੋਧਾਂ ਕਰਨ ਦੀ ਸਲਾਹ ਦਿੱਤੀ ਹੈ।