August 12, 2026
#Punjab News

ਬਰਨਾਲਾ ਲਾਠੀਚਾਰਜ ਮਾਮਲਾ: ਕਾਂਗਰਸੀ ਸੰਸਦ ਮੈਂਬਰਾਂ ਨੇ ਕੌਮੀ ਕਮਿਸ਼ਨ ਤੋਂ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ: ਬਰਨਾਲਾ ਵਿੱਚ ਸਫਾਈ ਕਾਮਿਆਂ ‘ਤੇ ਹੋਏ ਲਾਠੀਚਾਰਜ ਮਾਮਲੇ ਨੂੰ ਲੈ ਕੇ ਪੰਜਾਬ ਦੇ ਚਾਰ ਕਾਂਗਰਸੀ ਸੰਸਦ ਮੈਂਬਰਾਂ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਦਖ਼ਲ ਦੀ ਮੰਗ ਕੀਤੀ ਹੈ। ਸੰਸਦ ਮੈਂਬਰਾਂ ਨੇ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਣਾ ਨੂੰ ਮੰਗ ਪੱਤਰ ਸੌਂਪਦਿਆਂ ਘਟਨਾ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ 22 ਜੁਲਾਈ ਨੂੰ ਬਰਨਾਲਾ ਵਿੱਚ ਸਫਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ, ਪਰ ਪੁਲੀਸ ਵੱਲੋਂ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਗਿਆ, ਜਿਸ ਵਿੱਚ ਕਈ ਕਰਮਚਾਰੀ ਜ਼ਖ਼ਮੀ ਹੋਏ।

ਸੰਸਦ ਮੈਂਬਰਾਂ ਨੇ ਦੋਸ਼ ਲਗਾਇਆ ਕਿ ਬਰਨਾਲਾ ਪ੍ਰਸ਼ਾਸਨ ਅਤੇ ਪੁਲੀਸ ਨੇ ਬੇਲੋੜੀ ਤਾਕਤ ਦੀ ਵਰਤੋਂ ਕੀਤੀ ਅਤੇ ਇਸ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਕੌਮੀ ਕਮਿਸ਼ਨ ਆਪਣੇ ਸੰਵਿਧਾਨਕ ਅਧਿਕਾਰਾਂ ਤਹਿਤ ਮਾਮਲੇ ਦੀ ਜਾਂਚ ਕਰੇ ਅਤੇ ਪੰਜਾਬ ਸਰਕਾਰ ਤੋਂ ਤੁਰੰਤ ਰਿਪੋਰਟ ਤਲਬ ਕੀਤੀ ਜਾਵੇ।

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਸਫਾਈ ਕਰਮਚਾਰੀਆਂ ਦੇ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸ ਦੀ ਨਿਰਪੱਖ ਜਾਂਚ ਅਤੇ ਕਾਨੂੰਨੀ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਜ਼ਿਕਰਯੋਗ ਹੈ ਕਿ ਬਰਨਾਲਾ ਲਾਠੀਚਾਰਜ ਮਾਮਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਡੀਐੱਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸਫਾਈ ਕਰਮਚਾਰੀਆਂ ਦੇ ਮਿਹਨਤਾਨੇ ਵਿੱਚ ਵਾਧੇ ਦਾ ਵੀ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਕਾਂਗਰਸ ਨੇ ਕਿਹਾ ਹੈ ਕਿ ਲੋੜ ਪੈਣ ‘ਤੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਵੀ ਰੁਖ਼ ਕੀਤਾ ਜਾਵੇਗਾ।