June 25, 2026
#Punjab News

ਪੰਜਾਬ ‘ਚ ਭਿਆਨਕ ਸੜਕ ਹਾਦਸਾ; ਯਾਤਰੀਆਂ ਨਾਲ ਭਰੀ ਬੱਸ ਪਲਟੀ, 2 ਲੋਕਾਂ ਦੀ ਮੌਤ, CM ਭਗਵੰਤ ਮਾਨ ਵੱਲੋਂ ਆਰਥਿਕ ਮਦਦ ਦਾ ਐਲਾਨ

ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਇਲਾਕੇ ਵਿੱਚ ਸ਼ੁੱਕਰਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਯਾਤਰੀਆਂ ਨਾਲ ਭਰੀ ਬੱਸ ਸੇਖਵਾਂ ਪੁਲਿਸ ਥਾਣੇ ਨੇੜੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਦਰਦਨਾਕ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਯਾਤਰੀ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਖ-ਪੁਕਾਰ ਅਤੇ ਹੜਕੰਪ ਮਚ ਗਿਆ। ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਮਦਦ ਕਰਦਿਆਂ ਬੱਸ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਸਥਾਨਕ ਪੁਲਿਸ, ਮੈਡੀਕਲ ਟੀਮ ਅਤੇ ਰੋਡ ਸੇਫਟੀ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ, ਪਰ ਮੁੱਢਲੀ ਜਾਣਕਾਰੀ ਮੁਤਾਬਕ ਬੱਸ ਦੇ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ।

ਇਸ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਬਟਾਲਾ ਨੇੜੇ ਬੱਸ ਪਲਟਣ ਦੀ ਖ਼ਬਰ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦਿਆਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।

ਮੁੱਖ ਮੰਤਰੀ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਵੀ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀਆਂ ਦਾ ਮੁਫ਼ਤ ਅਤੇ ਵਧੀਆ ਇਲਾਜ ਯਕੀਨੀ ਬਣਾਇਆ ਜਾਵੇਗਾ।