ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 355 ਹੋਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹੁਣ ਤੱਕ 67,037 ਨੌਜਵਾਨਾਂ ਨੂੰ ਨਿਰੋਲ ਮੈਰਿਟ ਅਤੇ ਪੂਰੀ ਪਾਰਦਰਸ਼ਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਇਮਾਨਦਾਰ ਅਤੇ ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਦੇਸ਼ ਦੇ ਕਈ ਹਿੱਸਿਆਂ ਵਿੱਚ NEET ਵਰਗੇ ਪੇਪਰ ਲੀਕ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਪੰਜਾਬ ਨੇ ਇਮਾਨਦਾਰ ਭਰਤੀਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।
ਭਗਵੰਤ ਮਾਨ ਨੇ ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਨੂੰ ਆਪਣਾ ਫਰਜ਼ ਸਮਝਣ ਅਤੇ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਬਜ਼ੁਰਗਾਂ ਅਤੇ ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ ਅਤੇ ਹਰ ਕੰਮ ਸਮੇਂ ਸਿਰ ਅਤੇ ਇਮਾਨਦਾਰੀ ਨਾਲ ਹੋਵੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਸੂਬੇ ਵਿੱਚ ਹੀ ਰੋਜ਼ਗਾਰ ਦੇ ਵਧੀਆ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਹੈ ਕਿ ਪੰਜਾਬ ਦੇ ਨੌਜਵਾਨ ਆਪਣੇ ਹੀ ਸੂਬੇ ਵਿੱਚ ਰਹਿ ਕੇ ਤਰੱਕੀ ਕਰਨ ਅਤੇ ਦੇਸ਼ ਦੀ ਵਿਕਾਸ ਯਾਤਰਾ ਵਿੱਚ ਆਪਣਾ ਯੋਗਦਾਨ ਪਾਉਣ।
ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਤਾਂ ਜੋ ਹੋਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ।

