ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਰੁੱਧ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤਾ ਗਿਆ ਬਿੱਲ ਹੁਣ ਕਾਨੂੰਨ ਬਣ ਗਿਆ ਹੈ। ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਦਸਤਖ਼ਤ ਕੀਤੇ ਜਾਣ ਤੋਂ ਬਾਅਦ ਇਹ ਕਾਨੂੰਨ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ।
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਇਸਨੂੰ ਸਿੱਖ ਕੌਮ ਲਈ ਮਹੱਤਵਪੂਰਨ ਕਦਮ ਕਰਾਰ ਦਿੱਤਾ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਲਿਖਿਆ ਕਿ ਇਹ ਸੇਵਾ ਕਰਨ ਦਾ ਮੌਕਾ ਮਿਲਣਾ ਵੱਡੀ ਬਖ਼ਸ਼ਿਸ਼ ਹੈ।
ਮੁੱਖ ਮੰਤਰੀ ਨੇ ਆਪਣੇ ਪੋਸਟ ਵਿੱਚ ਸਮੂਹ ਸੰਗਤ ਦਾ ਵੀ ਸ਼ੁਕਰਾਨਾ ਅਦਾ ਕੀਤਾ ਅਤੇ ਕਿਹਾ ਕਿ ਇਸ ਮਾਮਲੇ ‘ਤੇ ਲੋਕਾਂ ਵੱਲੋਂ ਦਿੱਤਾ ਗਿਆ ਸਮਰਥਨ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਧਾਰਮਿਕ ਮਰਿਆਦਾ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਕਾਨੂੰਨ ਬੇਅਦਬੀ ਦੇ ਮਾਮਲਿਆਂ ‘ਤੇ ਕੜੀ ਕਾਰਵਾਈ ਯਕੀਨੀ ਬਣਾਉਣ ਵੱਲ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।


