ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਹ ਗਠਜੋੜ ਲੋਕ ਭਲਾਈ ਲਈ ਨਹੀਂ, ਸਗੋਂ ਪੰਜਾਬ ਦੀ ਸੱਤਾ ਹਾਸਲ ਕਰਨ ਅਤੇ ਸੂਬੇ ਨੂੰ ਮੁੜ ਲੁੱਟਣ ਦੀ ਕੋਸ਼ਿਸ਼ ਹੈ।
ਫਤਿਹਗੜ੍ਹ ਸਾਹਿਬ ਦੇ ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ ਅਤੇ ਹੁਣ ਉਹ ਅਜਿਹੇ ਮੌਕਾਪਰਸਤ ਗਠਜੋੜਾਂ ਨੂੰ ਵੀ ਕਦੇ ਕਬੂਲ ਨਹੀਂ ਕਰਨਗੇ।
ਭਗਵੰਤ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਕਿਸੇ ਵਿਚਾਰਧਾਰਾ ਜਾਂ ਲੋਕਾਂ ਦੀ ਭਲਾਈ ‘ਤੇ ਆਧਾਰਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਸਾਲਾਂ ਤੱਕ ਇੱਕ-ਦੂਜੇ ਖ਼ਿਲਾਫ਼ ਜ਼ਹਿਰ ਉਗਲਿਆ ਅਤੇ ਹੁਣ ਸਿਰਫ਼ ਸੱਤਾ ਲਈ ਇਕੱਠੇ ਹੋ ਰਹੀਆਂ ਹਨ।
ਮੁੱਖ ਮੰਤਰੀ ਨੇ ਭਾਜਪਾ ‘ਤੇ ਕੇਂਦਰੀ ਏਜੰਸੀਆਂ ਦੇ ਦੁਰਵਰਤੋਂ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਵਿਰੋਧੀਆਂ ਅਤੇ ਛੋਟੇ ਕਾਰੋਬਾਰੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਅਜਿਹੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ।
ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ‘ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਗੁਰਬਾਣੀ ਦੇ ਨਾਮ ‘ਤੇ ਵੋਟਾਂ ਤਾਂ ਮੰਗੀਆਂ ਪਰ ਉਸਦੀ ਪਵਿੱਤਰਤਾ ਦੀ ਰੱਖਿਆ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਕੋਟਕਪੂਰਾ, ਬਹਿਬਲ ਕਲਾਂ ਵਰਗੀਆਂ ਘਟਨਾਵਾਂ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਲੰਮੇ ਰਾਜ ਦੌਰਾਨ ਨਸ਼ਿਆਂ ਦਾ ਕਾਰੋਬਾਰ ਫਲਿਆ-ਫੂਲਿਆ ਅਤੇ ਪੰਜਾਬ ਦੀਆਂ ਪੀੜ੍ਹੀਆਂ ਬਰਬਾਦ ਹੋਈਆਂ। ਉਨ੍ਹਾਂ ਕਿਹਾ ਕਿ “ਇਨ੍ਹਾਂ ਦੇ ਹੱਥ ਪੰਜਾਬ ਦੇ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।”
ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਖਿੱਚਤਾਣ ਅਤੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਫਸੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ ਅਤੇ ਉਸਦਾ ਇੱਕੋ ਮਕਸਦ ਸੱਤਾ ਹਾਸਲ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ 2022 ਵਿੱਚ ਪੰਜਾਬ ਦੇ ਲੋਕਾਂ ਨੇ ਇਮਾਨਦਾਰ ਸਰਕਾਰ ਨੂੰ ਚੁਣ ਕੇ ਰਵਾਇਤੀ ਪਾਰਟੀਆਂ ਨੂੰ ਕਰਾਰਾ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕੀਤਾ ਹੈ।
ਭਗਵੰਤ ਮਾਨ ਨੇ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ “ਮੁੱਖ ਮੰਤਰੀ ਸਿਹਤ ਯੋਜਨਾ” ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲੋਕ ਸਿਹਤ ਕਾਰਡ ਲੈ ਚੁੱਕੇ ਹਨ।
ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ “ਸਿੱਖਿਆ ਹੀ ਉਹ ਰੌਸ਼ਨੀ ਹੈ ਜੋ ਗਰੀਬੀ ਅਤੇ ਹਨੇਰੇ ਨੂੰ ਦੂਰ ਕਰ ਸਕਦੀ ਹੈ,” ਇਸ ਲਈ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਉਨ੍ਹਾਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਦਾ ਜ਼ਿਕਰ ਕਰਦਿਆਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਲਈ ਹੁਣ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 50 ਲੱਖ ਰੁਪਏ ਤੱਕ ਜੁਰਮਾਨੇ ਦਾ ਪ੍ਰਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਡਰਾਮਿਆਂ ਵਿੱਚ ਨਹੀਂ ਫਸਣਗੇ ਅਤੇ ਉਹ ਸਿਰਫ਼ ਉਹਨਾਂ ਨੂੰ ਸਮਰਥਨ ਦੇਣਗੇ ਜੋ ਇਮਾਨਦਾਰੀ ਨਾਲ ਲੋਕ ਭਲਾਈ ਲਈ ਕੰਮ ਕਰ ਰਹੇ ਹਨ।

