ਪੰਜਾਬ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਮਜੀਠਾ ਥਾਣਾ ਹਮਲੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਭਾਲ ਲਈ 12 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ, ਜੋ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।
ਪੁਲਿਸ ਅਨੁਸਾਰ 31 ਮਈ ਨੂੰ ਮਜੀਠਾ ਥਾਣੇ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਅਤੇ ਪੁਲਿਸ ਹਿਰਾਸਤ ਵਿੱਚ ਮੌਜੂਦ ਇੱਕ ਮੁਲਜ਼ਮ ਨੂੰ ਜ਼ਬਰਦਸਤੀ ਛੁਡਵਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿੱਚ ਬਿਕਰਮ ਮਜੀਠੀਆ ਸਮੇਤ ਕਈ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਸੋਹੀਆਂ ਕਲਾਂ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਨੂੰ ਇੱਕ ਮਾਮਲੇ ਵਿੱਚ ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਸਵੇਰੇ ਕਰੀਬ 10:30 ਵਜੇ ਭਾਰੀ ਭੀੜ ਥਾਣੇ ਦੇ ਬਾਹਰ ਇਕੱਠੀ ਹੋ ਗਈ। ਪੁਲਿਸ ਦਾ ਦਾਅਵਾ ਹੈ ਕਿ ਭੀੜ ਨੇ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਥਾਣੇ ਦੇ ਅੰਦਰ ਦਾਖਲ ਹੋ ਕੇ ਸਰਕਾਰੀ ਰਿਕਾਰਡ ਅਤੇ ਕੇਸ ਫਾਈਲਾਂ ਨਾਲ ਛੇੜਛਾੜ ਕੀਤੀ।
ਪੁਲਿਸ ਮੁਤਾਬਕ ਕੁਝ ਲੋਕਾਂ ਨੇ ਮੁਲਜ਼ਮ ਨੂੰ ਕਮਰੇ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਅਤੇ ਐਸਐਚਓ ਨਾਲ ਵੀ ਹੱਥੋਪਾਈ ਕੀਤੀ ਗਈ। ਐਸਐਚਓ ਦਾ ਮੋਬਾਈਲ ਫੋਨ ਖੋਹਣ ਦੀ ਵੀ ਕੋਸ਼ਿਸ਼ ਹੋਈ। ਹਾਲਾਂਕਿ ਪੁਲਿਸ ਨੇ ਸਥਿਤੀ ‘ਤੇ ਕਾਬੂ ਪਾਉਂਦੇ ਹੋਏ ਮੁਲਜ਼ਮ ਨੂੰ ਦੁਬਾਰਾ ਹਿਰਾਸਤ ਵਿੱਚ ਲੈ ਲਿਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਪੀਬੀਆਈ ਦੇ ਐਸਪੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਹੈ। ਪੁਲਿਸ ਦਾ ਕਹਿਣਾ ਹੈ ਕਿ ਹੁਣ ਤੱਕ 6 ਤੋਂ 7 ਲੋਕਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਦਕਿ 50 ਤੋਂ ਵੱਧ ਲੋਕ ਮੌਕੇ ‘ਤੇ ਮੌਜੂਦ ਸਨ। ਬਾਕੀ ਲੋਕਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਐਸਐਸਪੀ ਸੁਹੇਲ ਮੀਰ ਕਾਸਿਮ ਨੇ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ ਅਤੇ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

