ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਦਿੱਲੀ ਵਿੱਚ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ ਹੈ।
ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ 140 ਕਰੋੜ ਲੋਕਾਂ ਦੇ ਪ੍ਰਧਾਨ ਮੰਤਰੀ ਹਨ। ਜੇਕਰ ਕੋਈ ਉਨ੍ਹਾਂ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਨੂੰ ਸਿਆਸੀ ਗੱਠਜੋੜ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।
‘ਭਾਜਪਾ ਦਾ ਗੱਠਜੋੜ ਪੰਜਾਬ ਦੇ ਲੋਕਾਂ ਨਾਲ’
ਨਾਇਬ ਸੈਣੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਗੱਠਜੋੜ ਕਿਸੇ ਸਿਆਸੀ ਪਾਰਟੀ ਨਾਲ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸੂਬੇ ਦਾ ਵਿਕਾਸ ਅਤੇ ਲੋਕਾਂ ਦੀ ਭਲਾਈ ‘ਡਬਲ ਇੰਜਣ’ ਸਰਕਾਰ ਨਾਲ ਹੀ ਸੰਭਵ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਲੋਕਾਂ ਦਾ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਸੈਣੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।
ਭਗਵੰਤ ਮਾਨ ’ਤੇ ਸਾਧਿਆ ਨਿਸ਼ਾਨਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਦੀ ਚਿੰਤਾ ਕਰਨ ਦੀ ਬਜਾਏ ਪੰਜਾਬ ਵਿੱਚ ਕੀਤੇ ਵਾਅਦੇ ਪੂਰੇ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਵਿੱਚੋਂ ਕਈ ਅਜੇ ਤੱਕ ਪੂਰੇ ਨਹੀਂ ਹੋਏ।
ਸੈਣੀ ਨੇ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਮੁੱਦੇ ’ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਹਰਿਆਣਾ ਵਿੱਚ ਭਾਜਪਾ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਵਿੱਤੀ ਸਹਾਇਤਾ ਦਾ ਹਵਾਲਾ ਦਿੱਤਾ।
ਪੇਪਰ ਲੀਕ ਦੇ ਮੁੱਦੇ ’ਤੇ ਵੀ ਘੇਰਿਆ
ਪੰਜਾਬ ਵਿੱਚ ਪੇਪਰ ਲੀਕ ਦੇ ਦੋਸ਼ਾਂ ਨੂੰ ਲੈ ਕੇ ਵੀ ਨਾਇਬ ਸੈਣੀ ਨੇ ਆਮ ਆਦਮੀ ਪਾਰਟੀ ਸਰਕਾਰ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਵਿੱਚ ਕੋਈ ਪੇਪਰ ਲੀਕ ਨਹੀਂ ਹੋਇਆ ਤਾਂ ਜਿਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਵਿਵਾਦ ਖੜ੍ਹੇ ਹੋਏ ਹਨ, ਉਨ੍ਹਾਂ ਦੀ ਪੁਲੀਸ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਸਾਰੀ ਸੱਚਾਈ ਸਾਹਮਣੇ ਆ ਜਾਵੇਗੀ। ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਇਸ ਦਾ ਜਵਾਬ ਦੇਣਗੇ।

