August 13, 2026
#Punjab News

ਸ੍ਰੀ ਚਮਕੌਰ ਸਾਹਿਬ ‘ਚ ਨਹਿਰੀ ਸਿੰਚਾਈ ਨੂੰ ਵੱਡਾ ਹੁਲਾਰਾ, 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਰੁੜਕੀ ਹੀਰਾਂ ਵਿਖੇ 26.12 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਮੁਹੱਈਆ ਕਰਵਾ ਕੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਗਾਤਾਰ ਕੰਮ ਕਰ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਸਮਰਾਲਾ ਮੇਜਰ ਨੂੰ 7.21 ਕਿਲੋਮੀਟਰ ਤੱਕ ਪੱਕਾ ਕਰਨ ਲਈ 11.74 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਨਾਲ 13 ਪਿੰਡਾਂ ਨੂੰ ਲਾਭ ਮਿਲੇਗਾ ਅਤੇ ਨਹਿਰੀ ਸਿੰਚਾਈ ਹੇਠ ਰਕਬਾ 2516 ਏਕੜ ਤੋਂ ਵੱਧ ਕੇ 3333 ਏਕੜ ਹੋ ਗਿਆ ਹੈ। ਇਸ ਤੋਂ ਇਲਾਵਾ, ਅਮਰਾਲਾ ਮਾਈਨਰ ਨੂੰ 3.35 ਕਿਲੋਮੀਟਰ ਤੱਕ ਪੱਕਾ ਕਰਨ ਲਈ 2.01 ਕਰੋੜ ਰੁਪਏ ਖਰਚੇ ਗਏ, ਜਿਸ ਨਾਲ 704 ਏਕੜ ਵਾਧੂ ਜ਼ਮੀਨ ਨਹਿਰੀ ਸਿੰਚਾਈ ਹੇਠ ਆ ਗਈ ਹੈ।

ਉਨ੍ਹਾਂ ਦੱਸਿਆ ਕਿ 10.76 ਕਿਲੋਮੀਟਰ ਲੰਬੀਆਂ ਦੋ ਅੰਡਰਗਰਾਊਂਡ ਪਾਈਪ ਲਾਈਨਾਂ 8.95 ਕਰੋੜ ਰੁਪਏ ਦੀ ਲਾਗਤ ਨਾਲ ਵਿਛਾਈਆਂ ਗਈਆਂ ਹਨ, ਜਿਨ੍ਹਾਂ ਨਾਲ 9 ਪਿੰਡਾਂ ਦੇ 597 ਏਕੜ ਵਾਧੂ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ। ਇਸ ਤੋਂ ਇਲਾਵਾ 3.42 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਪਿੰਡਾਂ ਵਿੱਚ ਲਿਫ਼ਟ ਸਿੰਚਾਈ ਸਕੀਮਾਂ ਵੀ ਸਥਾਪਤ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ 965 ਏਕੜ ਜ਼ਮੀਨ ਨੂੰ ਸਿੰਚਾਈ ਦੀ ਸਹੂਲਤ ਮਿਲੇਗੀ।

ਮੰਤਰੀ ਨੇ ਦੱਸਿਆ ਕਿ ਚਮਕੌਰ ਸਾਹਿਬ ਹਲਕੇ ਵਿੱਚ 40 ਆਰਜ਼ੀ ਮੋਘੇ ਵੀ ਬਣਾਏ ਗਏ ਹਨ, ਜਿਨ੍ਹਾਂ ਰਾਹੀਂ 17 ਪਿੰਡਾਂ ਦੇ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਜਿੱਥੇ ਹਲਕੇ ਵਿੱਚ 3217 ਏਕੜ ਰਕਬਾ ਨਹਿਰੀ ਪਾਣੀ ਹੇਠ ਸੀ, ਉੱਥੇ ਹੁਣ ਇਹ ਵੱਧ ਕੇ 4518 ਏਕੜ ਹੋ ਗਿਆ ਹੈ, ਜਿਸ ਨਾਲ 1301 ਏਕੜ ਵਾਧੂ ਜ਼ਮੀਨ ਨਹਿਰੀ ਸਿੰਚਾਈ ਦੇ ਘੇਰੇ ਵਿੱਚ ਆਈ ਹੈ।

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਕਿਸਾਨਾਂ ਦੀ ਟਿਊਬਵੈੱਲਾਂ ‘ਤੇ ਨਿਰਭਰਤਾ ਘਟਾਉਣਾ, ਸਿੰਚਾਈ ਦੀ ਲਾਗਤ ਘਟਾਉਣਾ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਿੱਸੇ ਦਾ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਾਉਣਾ ਸਰਕਾਰ ਦੀ ਵਚਨਬੱਧਤਾ ਹੈ ਅਤੇ ਇਸ ਲਈ ਨਹਿਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਹਿਰਾਂ ਦੇ ਪੱਕੀਕਰਨ, ਅੰਡਰਗਰਾਊਂਡ ਪਾਈਪ ਲਾਈਨਾਂ ਅਤੇ ਲਿਫ਼ਟ ਸਿੰਚਾਈ ਸਕੀਮਾਂ ਨਾਲ ਹਜ਼ਾਰਾਂ ਏਕੜ ਜ਼ਮੀਨ ਨੂੰ ਨਹਿਰੀ ਪਾਣੀ ਮਿਲੇਗਾ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟੇਗੀ ਅਤੇ ਫ਼ਸਲਾਂ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ।