August 12, 2026
#Tricity News

ਚੰਡੀਗੜ੍ਹ ‘ਚ AAP ਨੂੰ ਵੱਡਾ ਝਟਕਾ, ਵਾਰਡ-29 ਦੇ ਕੌਂਸਲਰ ਮੁਨੱਵਰ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ (AAP) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਵਾਰਡ ਨੰਬਰ-29 ਦੇ ਕੌਂਸਲਰ ਮੁਨੱਵਰ ਆਪਣੇ ਸਮਰਥਕਾਂ ਸਮੇਤ ਕਾਂਗਰਸ ਵਿੱਚ ਸ਼ਾਮਲ ਹੋ ਗਏ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ.ਐੱਸ. ਲੱਕੀ ਨੇ ਮੁਨੱਵਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁਨੱਵਰ ਦਾ ਤਜਰਬਾ ਅਤੇ ਲੋਕਾਂ ਨਾਲ ਮਜ਼ਬੂਤ ਜੁੜਾਅ ਕਾਂਗਰਸ ਸੰਗਠਨ ਨੂੰ ਹੋਰ ਮਜ਼ਬੂਤੀ ਦੇਵੇਗਾ।

‘AAP ਵਿੱਚ ਵਰਕਰਾਂ ਨੂੰ ਸਤਿਕਾਰ ਨਹੀਂ ਮਿਲਦਾ’

ਕਾਂਗਰਸ ਵਿੱਚ ਸ਼ਾਮਲ ਹੋਣ ਮਗਰੋਂ ਮੁਨੱਵਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹੇਠਲੇ ਪੱਧਰ ਦੇ ਵਰਕਰਾਂ ਨੂੰ ਨਾ ਤਾਂ ਬਣਦਾ ਸਤਿਕਾਰ ਮਿਲਦਾ ਹੈ ਅਤੇ ਨਾ ਹੀ ਉਨ੍ਹਾਂ ਰਾਹੀਂ ਲੋਕਾਂ ਦੇ ਕੰਮ ਕਰਵਾਏ ਜਾਂਦੇ ਹਨ। ਇਸ ਕਾਰਨ ਉਨ੍ਹਾਂ ਨੇ ਕਾਂਗਰਸ ਦਾ ਦਾਮਨ ਫੜਨ ਦਾ ਫ਼ੈਸਲਾ ਕੀਤਾ।

ਨਿਗਮ ਵਿੱਚ ਕਾਂਗਰਸ ਦੀ ਗਿਣਤੀ ਵਧੀ

ਐੱਚ.ਐੱਸ. ਲੱਕੀ ਨੇ ਦੱਸਿਆ ਕਿ ਮੁਨੱਵਰ ਦੇ ਸ਼ਾਮਲ ਹੋਣ ਨਾਲ ਨਗਰ ਨਿਗਮ ਵਿੱਚ ਕਾਂਗਰਸ ਦੇ ਕੌਂਸਲਰਾਂ ਦੀ ਗਿਣਤੀ 9 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਵੋਟ ਦੇ ਅਧਿਕਾਰ ਨੂੰ ਮਿਲਾ ਕੇ ਕਾਂਗਰਸ ਕੋਲ ਹੁਣ 10 ਵੋਟਾਂ ਹਨ, ਜਿਸ ਨਾਲ ਕਾਂਗਰਸ ਨਗਰ ਨਿਗਮ ਦੀ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।

ਲੱਕੀ ਨੇ ਕਿਹਾ ਕਿ ਇਸ ਸਥਿਤੀ ਵਿੱਚ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਕਾਂਗਰਸ ਨੂੰ ਮਿਲਣਾ ਚਾਹੀਦਾ ਹੈ। ਇਸ ਸਬੰਧੀ ਜਲਦ ਹੀ ਕਾਂਗਰਸੀ ਕੌਂਸਲਰਾਂ ਦੀ ਮੀਟਿੰਗ ਬੁਲਾ ਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਿਛਲੇ ਕਈ ਦਿਨਾਂ ਤੋਂ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ, ਖ਼ਾਸ ਕਰਕੇ ਪੇਪਰ ਲੀਕ ਦੇ ਮਾਮਲਿਆਂ ‘ਤੇ ਸਰਗਰਮੀ ਨਾਲ ਸੰਘਰਸ਼ ਕਰ ਰਹੀ ਹੈ ਅਤੇ ਲੋਕਾਂ ਦੇ ਮੁੱਦੇ ਸੜਕ ਤੋਂ ਲੈ ਕੇ ਸਦਨ ਤੱਕ ਉਠਾ ਰਹੀ ਹੈ।