ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਹਾਈਕਮਾਂਡ ਜੋ ਵੀ ਫੈਸਲਾ ਕਰੇਗੀ, ਉਹ ਉਸ ਨੂੰ ਖਿੜੇ ਮੱਥੇ ਸਵੀਕਾਰ ਕਰਨਗੇ। ਚੰਨੀ ਨੇ ਇਹ ਗੱਲ ਨਵੀਂ ਦਿੱਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।
ਚੰਨੀ ਨੇ ਕਿਹਾ ਕਿ ਪੰਜਾਬ ਦੇ ਕਈ ਆਗੂਆਂ ਨੇ ਪਾਰਟੀ ਲੀਡਰਸ਼ਿਪ ਅੱਗੇ ਆਪਣੇ ਵਿਚਾਰ ਰੱਖੇ ਹਨ, ਪਰ ਉਹ ਪੂਰੀ ਤਰ੍ਹਾਂ ਪਾਰਟੀ ਅਤੇ ਹਾਈਕਮਾਂਡ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਉਨ੍ਹਾਂ ਦੇ ਆਗੂ ਹਨ ਅਤੇ ਪਾਰਟੀ ਦੇ ਸਾਰੇ ਵਰਕਰ ਅਤੇ ਨੇਤਾ ਇਕਜੁੱਟ ਹਨ।
‘ਪਾਰਟੀ ਵਿੱਚ ਸਭ ਕੁਝ ਠੀਕ ਹੈ’
ਚੰਨੀ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਕਿਸੇ ਵੱਡੇ ਵਿਵਾਦ ਦੀ ਗੱਲ ਸਹੀ ਨਹੀਂ ਹੈ ਅਤੇ ਮੀਡੀਆ ਵੱਲੋਂ ਇਸ ਮਾਮਲੇ ਨੂੰ ਬੇਵਜ੍ਹਾ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਨੂੰ ਨੀਵਾਂ ਦਿਖਾਉਣਾ ਨਹੀਂ, ਸਗੋਂ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨਾ ਹੈ।
ਉਨ੍ਹਾਂ ਕਿਹਾ, “ਅਸੀਂ ਆਪਣੀ ਗੱਲ ਹਾਈਕਮਾਂਡ ਅੱਗੇ ਰੱਖ ਦਿੱਤੀ ਹੈ। ਹੁਣ ਜੋ ਵੀ ਫੈਸਲਾ ਹੋਵੇਗਾ, ਅਸੀਂ ਉਸ ਨੂੰ ਪੂਰੀ ਇੱਜ਼ਤ ਨਾਲ ਮੰਨਾਂਗੇ।”
ਵੇਣੂਗੋਪਾਲ ਅਤੇ ਸੁਰਜੇਵਾਲਾ ਨਾਲ ਮੁਲਾਕਾਤ
ਚੰਨੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਕੇ. ਸੀ. ਵੇਣੂਗੋਪਾਲ ਅਤੇ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨਾਲ ਵੀ ਮੁਲਾਕਾਤ ਕੀਤੀ। ਹਾਲਾਂਕਿ, ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ।
ਰਾਜਾ ਵੜਿੰਗ ਨੂੰ ਲੈ ਕੇ ਚਰਚਾ ਜਾਰੀ
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਹੁਦੇ ਨੂੰ ਲੈ ਕੇ ਵੀ ਚਰਚਾ ਜਾਰੀ ਹੈ। ਸੂਤਰਾਂ ਮੁਤਾਬਕ ਪੰਜਾਬ ਇੰਚਾਰਜ ਭੂਪੇਸ਼ ਬਘੇਲ ਦੀ ਰਿਪੋਰਟ ਵਿੱਚ ਰਾਜਾ ਵੜਿੰਗ ਨੂੰ ਹੀ ਪ੍ਰਧਾਨ ਬਣਾਈ ਰੱਖਣ ਦੀ ਸਿਫਾਰਸ਼ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 29 ਵਿੱਚੋਂ 25 ਜ਼ਿਲ੍ਹਾ ਪ੍ਰਧਾਨ ਅਤੇ 7 ਵਿੱਚੋਂ 4 ਸੰਸਦ ਮੈਂਬਰ ਉਨ੍ਹਾਂ ਦੇ ਹੱਕ ਵਿੱਚ ਹਨ।
ਭੂਪੇਸ਼ ਬਘੇਲ ਨੇ ਵੀ ਸੰਕੇਤ ਦਿੱਤੇ ਹਨ ਕਿ ਪੰਜਾਬ ਵਿੱਚ ਲੀਡਰਸ਼ਿਪ ਬਦਲਣ ਦਾ ਕੋਈ ਤੁਰੰਤ ਫੈਸਲਾ ਨਹੀਂ ਹੈ। ਉਨ੍ਹਾਂ ਕਿਹਾ, “ਲੀਡਰਸ਼ਿਪ ਬਦਲਣਾ ਕੋਈ ਬੱਚਿਆਂ ਦੀ ਖੇਡ ਨਹੀਂ ਹੈ।”
2027 ਚੋਣਾਂ ‘ਤੇ ਫੋਕਸ
ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਂਡ ਸੂਬਾਈ ਸੰਗਠਨ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰ ਰਹੀ ਹੈ। ਅੰਤਿਮ ਫੈਸਲਾ ਹਾਈਕਮਾਂਡ ਵੱਲੋਂ ਸਾਰੇ ਪੱਖਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਜਾਵੇਗਾ।

