ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨੇੜਲੇ ਪਿੰਡ ਫਤਿਹ ਮਾਜਰੀ ਵਿੱਚ ਨਵੇਂ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰੱਖਣਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਟੇਡੀਅਮ ਪੰਚਾਇਤ ਵੱਲੋਂ ਦਿੱਤੀ ਗਈ ਕਰੀਬ 9 ਕਿਲ੍ਹੇ ਜ਼ਮੀਨ ‘ਤੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਦੇ ਕਰੀਬ 3,000 ਪਿੰਡਾਂ ਵਿੱਚ ਖੇਡ ਸਟੇਡੀਅਮ ਤਿਆਰ ਕਰਨ ਦਾ ਟੀਚਾ ਹੈ।
ਆਪਣੇ ਸੰਬੋਧਨ ਦੌਰਾਨ ਸੀਐਮ ਮਾਨ ਨੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ ਅਤੇ ਕਿਸਾਨਾਂ ਨੂੰ ਬਿਜਾਈ ਦੇ ਸੀਜ਼ਨ ਦੌਰਾਨ ਸਮੇਂ ਸਿਰ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਭਰ ਵਿੱਚ ਖੁੱਲ੍ਹੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਜਾਂਚ ਦੀ ਸਹੂਲਤ ਮਿਲ ਰਹੀ ਹੈ, ਜਦਕਿ ਸਿਹਤ ਯੋਜਨਾਵਾਂ ਤਹਿਤ ਯੋਗ ਪਰਿਵਾਰਾਂ ਨੂੰ ਇਲਾਜ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਸਿਰਫ਼ ਵਿਕਾਸ ਅਤੇ ਲੋਕਾਂ ਦੀ ਭਲਾਈ ‘ਤੇ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕ ਹੁਣ ਕੰਮ ਕਰਨ ਵਾਲੀ ਸਰਕਾਰ ਨੂੰ ਤਰਜੀਹ ਦੇ ਰਹੇ ਹਨ ਅਤੇ ਵਿਕਾਸ ਦੇ ਮੁੱਦੇ ‘ਤੇ ਹੀ ਆਪਣਾ ਫੈਸਲਾ ਸੁਣਾਉਣਗੇ।

