August 13, 2026
#Politics #Punjab News

Punjab News: ਬੇਅਦਬੀ ਮਾਮਲਿਆਂ ‘ਚ ਇਨਸਾਫ਼ ਦੀ ਮੰਗ, ਕਾਂਗਰਸੀ ਵਿਧਾਇਕਾਂ ਦਾ ਵਿਧਾਨ ਸਭਾ ਬਾਹਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਕਾਂਗਰਸ ਦੇ ਵਿਧਾਇਕਾਂ ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਸਾਲਾਂ ਬੀਤ ਜਾਣ ਦੇ ਬਾਵਜੂਦ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ।

ਪ੍ਰਦਰਸ਼ਨ ਵਿੱਚ ਸੁਖਵਿੰਦਰ ਸਿੰਘ ਕੋਟਲੀ, ਬਲਵਿੰਦਰ ਸਿੰਘ ਧਾਲੀਵਾਲ, ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ, ਬਿਕਰਮ ਸਿੰਘ ਚੌਧਰੀ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ ਅਤੇ ਕਾਲਾ ਢਿੱਲੋਂ ਸਮੇਤ ਕਈ ਕਾਂਗਰਸੀ ਵਿਧਾਇਕ ਸ਼ਾਮਲ ਹੋਏ।

ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਬਹਿਬਲ ਕਲਾਂ, ਕੋਟਕਪੂਰਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਦੇ ਵਾਅਦੇ ਕਰਨ ਵਾਲੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਮਾਮਲਿਆਂ ਦੀ ਪ੍ਰਭਾਵਸ਼ਾਲੀ ਪੈਰਵੀ ਕਰਨ ਦੀ ਬਜਾਏ ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ, ਜਿਸ ਨਾਲ ਇਨਸਾਫ਼ ਦੀ ਪ੍ਰਕਿਰਿਆ ਹੋਰ ਲੰਬੀ ਹੋ ਗਈ।

ਵਿਰੋਧੀ ਧਿਰ ਨੇ ਮੰਗ ਕੀਤੀ ਕਿ ਸਰਕਾਰ ਵਿਧਾਨ ਸਭਾ ਵਿੱਚ ਬੇਅਦਬੀ ਮਾਮਲਿਆਂ ਦੀ ਜਾਂਚ ਦੀ ਮੌਜੂਦਾ ਸਥਿਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਵੇ, ਦੋਸ਼ੀਆਂ ਖ਼ਿਲਾਫ਼ ਜਲਦ ਕਾਨੂੰਨੀ ਕਾਰਵਾਈ ਯਕੀਨੀ ਬਣਾਏ ਅਤੇ ਪੀੜਤ ਪਰਿਵਾਰਾਂ ਨੂੰ ਬਿਨਾਂ ਹੋਰ ਦੇਰੀ ਇਨਸਾਫ਼ ਮੁਹੱਈਆ ਕਰਵਾਏ।

ਵਿਧਾਇਕ ਪਰਗਟ ਸਿੰਘ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੰਵੇਦਨਸ਼ੀਲ ਮਾਮਲਿਆਂ ਵਿੱਚ ਲਗਾਤਾਰ ਹੋ ਰਹੀ ਦੇਰੀ ਕਾਰਨ ਲੋਕਾਂ ਦਾ ਕਾਨੂੰਨੀ ਪ੍ਰਣਾਲੀ ਅਤੇ ਸਰਕਾਰ ‘ਤੇ ਭਰੋਸਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਸਿੱਖ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ।