ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ਦੌਰਾਨ ਪੁਲਿਸ ਅਤੇ ਮੁਲਜ਼ਮਾਂ ਵਿਚਕਾਰ ਮੁਕਾਬਲੇ ਦੀ ਘਟਨਾ ਸਾਹਮਣੇ ਆਈ ਹੈ। ਹਥਿਆਰਾਂ ਦੀ ਬਰਾਮਦਗੀ ਲਈ ਲਿਜਾਏ ਗਏ ਦੋ ਮੁਲਜ਼ਮਾਂ ਵੱਲੋਂ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇੱਕ ਪੁਲਿਸ ਕਰਮਚਾਰੀ ਵੀ ਜ਼ਖਮੀ ਹੋ ਗਿਆ।
ਐਸਐਸਪੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਸਰਹਿੰਦ, ਥਾਣਾ ਬਡਾਲੀ ਆਲਾ ਸਿੰਘ ਅਤੇ ਪੁਲਿਸ ਚੌਕੀ ਚੁੰਨੀ ਕਲਾਂ ਦੀ ਟੀਮ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੋਰ ਅਪਰਾਧਿਕ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਸਹਿਜਪ੍ਰੀਤ ਸਿੰਘ ਅਤੇ ਮਹਿਕਪ੍ਰੀਤ ਸਿੰਘ ਨੂੰ ਪੁਲਿਸ ਰਿਮਾਂਡ ਦੌਰਾਨ ਪਿੰਡ ਵੈਦਵਾਨ ਨੇੜੇ ਐਸਵਾਈਐਲ ਨਹਿਰ ਕੋਲ ਲੁਕਾਏ ਹਥਿਆਰਾਂ ਦੀ ਨਿਸ਼ਾਨਦੇਹੀ ਲਈ ਲਿਜਾਇਆ ਗਿਆ ਸੀ।
ਪੁਲਿਸ ਮੁਤਾਬਕ ਤਲਾਸ਼ੀ ਦੌਰਾਨ ਮਹਿਕਪ੍ਰੀਤ ਸਿੰਘ ਨੇ ਲੁਕਾਈ ਹੋਈ ਦੇਸੀ ਪਿਸਤੌਲ ਕੱਢ ਕੇ ਪੁਲਿਸ ਪਾਰਟੀ ‘ਤੇ ਗੋਲੀ ਚਲਾ ਦਿੱਤੀ। ਅਚਾਨਕ ਹੋਈ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਮਹਿਕਪ੍ਰੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ ਅਤੇ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।
ਇਸ ਦੌਰਾਨ ਦੂਜਾ ਮੁਲਜ਼ਮ ਸਹਿਜਪ੍ਰੀਤ ਸਿੰਘ ਵੀ ਪੁਲਿਸ ਨਾਲ ਝੜਪ ਦੌਰਾਨ ਜ਼ਖਮੀ ਹੋ ਗਿਆ। ਘਟਨਾ ਵਿੱਚ ਹੈੱਡ ਕਾਂਸਟੇਬਲ ਗੁਰਪ੍ਰੀਤ ਸਿੰਘ ਨੂੰ ਵੀ ਸੱਟਾਂ ਲੱਗੀਆਂ ਹਨ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੁਲਿਸ ਨੇ ਮੌਕੇ ਤੋਂ ਹਥਿਆਰ ਬਰਾਮਦ ਕਰ ਲਏ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ, ਨਸ਼ਾ ਤਸਕਰੀ ਅਤੇ ਜਬਰੀ ਵਸੂਲੀ ਵਰਗੀਆਂ ਗਤੀਵਿਧੀਆਂ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਉਨ੍ਹਾਂ ਦੇ ਵਿਦੇਸ਼ ਬੈਠੇ ਗੈਂਗਸਟਰਾਂ ਨਾਲ ਸੰਭਾਵਿਤ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਐਸਐਸਪੀ ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭਾਲ ਲਈ ਕਾਰਵਾਈ ਜਾਰੀ ਹੈ।

