ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵੀ ਆਧਾਰ ’ਤੇ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪੈਰੋਲ ’ਤੇ ਜਲਦ ਫ਼ੈਸਲਾ ਕਰਨ ਦੀ ਅਪੀਲ ਕੀਤੀ ਗਈ ਹੈ।
ਮੁੱਖ ਮੰਤਰੀ ਦੀ ਇਹ ਸਿਫ਼ਾਰਸ਼ ਹਵਾਰਾ ਦੀ ਬਜ਼ੁਰਗ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਹਵਾਰਾ ਪਿਛਲੇ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਹ ਪਹਿਲਾ ਮੌਕਾ ਦੱਸਿਆ ਜਾ ਰਿਹਾ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਉਸ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ।
ਹਵਾਰਾ ਨੇ ਮੰਗੀ ਹੈ ਚਾਰ ਹਫ਼ਤਿਆਂ ਦੀ ਪੈਰੋਲ
ਜਗਤਾਰ ਸਿੰਘ ਹਵਾਰਾ ਵੱਲੋਂ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਆਪਣੀ ਬਜ਼ੁਰਗ ਮਾਤਾ ਦੀ ਸਿਹਤ ਦਾ ਹਵਾਲਾ ਦਿੱਤਾ ਹੈ।
ਇਸ ਮਾਮਲੇ ਨੂੰ ਲੈ ਕੇ ਪੰਥਕ ਧਿਰਾਂ ਵੱਲੋਂ ਵੀ ਲੰਬੇ ਸਮੇਂ ਤੋਂ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਕੀਤੀ ਜਾਂਦੀ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਸਬੰਧੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਵੀ ਕੀਤੀ ਸੀ।
ਬੇਅੰਤ ਸਿੰਘ ਕਤਲ ਕੇਸ ਵਿੱਚ ਹੋਈ ਸੀ ਸਜ਼ਾ
ਜਗਤਾਰ ਸਿੰਘ ਹਵਾਰਾ ਨੂੰ ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਟਰਾਇਲ ਕੋਰਟ ਨੇ ਸਾਲ 2007 ਵਿੱਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਕਤੂਬਰ 2010 ਵਿੱਚ ਇਸ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਵੀ ਚਰਚਾ ਵਿੱਚ ਆਇਆ ਸੀ। ਹੁਣ ਪੈਰੋਲ ਦੇਣ ਬਾਰੇ ਅੰਤਿਮ ਫ਼ੈਸਲਾ ਪੰਜਾਬ ਦੇ ਰਾਜਪਾਲ ਵੱਲੋਂ ਕੀਤਾ ਜਾਣਾ ਹੈ।

