June 23, 2026
#Punjab News

ਜਲੰਧਰ ਜ਼ਿਲ੍ਹਾ ਅਦਾਲਤ ਨੂੰ ਬੰਬ ਦੀ ਧਮਕੀ, ਕੋਰਟ ਕੰਪਲੈਕਸ ਖਾਲੀ ਕਰਵਾਇਆ

ਜਲੰਧਰ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਨਿਆਂਇਕ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮਿਲਦੇ ਹੀ ਪੁਲਿਸ, ਡੌਗ ਸਕੁਐਡ ਅਤੇ ਐਂਟੀ-ਸਾਬੋਟਾਜ ਵਿੰਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੂਰੇ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।

ਪੁਲਿਸ ਵੱਲੋਂ ਅਦਾਲਤ ਕੰਪਲੈਕਸ ਦੇ ਹਰ ਕੋਨੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੈਟਲ ਡਿਟੈਕਟਰ ਲਗੇ ਹੋਣ ਦੇ ਬਾਵਜੂਦ ਪੁਲਿਸ ਖੁਦ ਤਲਾਸ਼ੀ ਲੈਣ ਤੋਂ ਬਾਅਦ ਹੀ ਲੋਕਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਦੇ ਰਹੀ ਹੈ।

ਪਾਰਕਿੰਗ ਲਾਟ ਵਿੱਚ ਖੜ੍ਹੇ ਸਾਰੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਪਾਰਕਿੰਗ ਕਰਮਚਾਰੀ ਕੁਲਵੰਤ ਸਿੰਘ ਮੁਤਾਬਕ ਪੁਲਿਸ ਨੇ ਹਰ ਵਾਹਨ ਦਾ ਸਮਾਨ ਚੈਕ ਕੀਤਾ, ਪਰ ਹੁਣ ਤੱਕ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ।

ਏਐਸਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੁਝ ਲੋਕ ਦਹਿਸ਼ਤ ਫੈਲਾਉਣ ਲਈ ਅਜਿਹੀਆਂ ਅਫਵਾਹਾਂ ਫੈਲਾਉਂਦੇ ਹਨ। ਉਨ੍ਹਾਂ ਕਿਹਾ ਕਿ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਰੱਖਿਆ ਏਜੰਸੀਆਂ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਧਮਕੀ ਦੇਣ ਵਾਲੇ ਵਿਅਕਤੀ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਅਦਾਲਤ ਜਾਂ ਸਰਕਾਰੀ ਸੰਸਥਾ ਨੂੰ ਬੰਬ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਵੀ ਦੇਸ਼ ਦੇ ਕਈ ਸਕੂਲਾਂ ਅਤੇ ਅਦਾਲਤਾਂ ਨੂੰ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ, ਹਾਲਾਂਕਿ ਜ਼ਿਆਦਾਤਰ ਮਾਮਲਿਆਂ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ।