ਭਾਰਤੀ ਜਨਤਾ ਪਾਰਟੀ ਨੇ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਫੇਰਬਦਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਉਨ੍ਹਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਕੇਵਲ ਸਿੰਘ ਢਿੱਲੋਂ ਸੀਨੀਅਰ ਆਗੂ ਸੁਨੀਲ ਜਾਖੜ ਦੀ ਥਾਂ ਲੈਣਗੇ, ਜੋ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਭਾਜਪਾ ਦੀ ਕਮਾਨ ਸੰਭਾਲ ਰਹੇ ਸਨ।
ਭਾਜਪਾ ਵੱਲੋਂ ਇਹ ਫੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਸਿੱਖ ਰਾਜਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਨਵੇਂ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮੀਡੀਆ ਰਾਹੀਂ ਮਿਲੀ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਹਰ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਅੱਗੇ ਲੈ ਕੇ ਜਾਣਗੇ।
ਢਿੱਲੋਂ ਨੇ ਦਾਅਵਾ ਕੀਤਾ ਕਿ 2027 ਵਿੱਚ ਪੰਜਾਬ ਵਿੱਚ “ਕਮਲ ਦਾ ਫੁੱਲ” ਖਿੜੇਗਾ ਅਤੇ ਭਾਜਪਾ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਜਲਦ ਹੀ ਵੱਡੀ ਮੀਟਿੰਗ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਜੱਟ ਸਿੱਖ ਅਤੇ ਪੰਜਾਬ ਦੀ ਰਾਜਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾਂ ਭਾਈਚਾਰਕ ਸਾਂਝ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਵਿੱਚ ਵੀ ਏਕਤਾ ਅਤੇ ਭਾਈਚਾਰੇ ਦੀ ਮਿਸਾਲ ਕਾਇਮ ਰੱਖੀ।

