July 14, 2026
#Punjab News

ਪਾਉਂਟਾ ਸਾਹਿਬ ‘ਚ ਨਿਹੰਗਾਂ ਤੇ ਪ੍ਰਸ਼ਾਸਨ ਵਿਚਾਲੇ ਬਣੀ ਸਹਿਮਤੀ, ਜੇਲ੍ਹ ‘ਚ ਬੰਦ ਸਾਥੀਆਂ ਨਾਲ ਮੁਲਾਕਾਤ ਲਈ ਮਿਲੇ 2 ਦਿਨ

ਪਾਉਂਟਾ ਸਾਹਿਬ ਵਿੱਚ ਨਿਹੰਗ ਸਿੰਘਾਂ ਅਤੇ ਪ੍ਰਸ਼ਾਸਨ ਦਰਮਿਆਨ ਚੱਲ ਰਹੇ ਤਣਾਅ ਵਿਚਕਾਰ ਫਿਲਹਾਲ ਸਹਿਮਤੀ ਬਣ ਗਈ ਹੈ। ਪ੍ਰਸ਼ਾਸਨ ਵੱਲੋਂ ਜੇਲ੍ਹ ਵਿੱਚ ਬੰਦ ਨਿਹੰਗ ਸਿੰਘਾਂ ਨਾਲ ਮੁਲਾਕਾਤ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਿਹੰਗ ਜਥੇਬੰਦੀਆਂ ਆਪਣੀ ਅਗਲੀ ਰਣਨੀਤੀ ਤੈਅ ਕਰਨਗੀਆਂ। ਇਸ ਦੌਰਾਨ ਨਿਹੰਗ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਉਹ ਇਸ ਵੇਲੇ ਪਾਉਂਟਾ ਸਾਹਿਬ ਤੋਂ ਵਾਪਸ ਨਹੀਂ ਜਾਣਗੇ।

ਹਰਿਦੁਆਰ ਦੇ ਐਸਐਸਪੀ ਨਵਨੀਤ ਸਿੰਘ ਭੁੱਲਰ ਨੇ ਪਾਉਂਟਾ ਸਾਹਿਬ ਪਹੁੰਚ ਕੇ ਨਿਹੰਗ ਜਥੇਦਾਰਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ, ਗ੍ਰਿਫ਼ਤਾਰ ਸਾਥੀਆਂ ਦੀ ਰਿਹਾਈ ਅਤੇ ਉਤਰਾਖੰਡ ਵੱਲ ਮਾਰਚ ਦੇ ਮੁੱਦੇ ‘ਤੇ ਚਰਚਾ ਹੋਈ। ਐਸਐਸਪੀ ਨੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣ ਲਈ ਪੁਲਿਸ ਫੋਰਸ ਤਾਇਨਾਤ ਹੈ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨਿਹੰਗ ਜਥੇਦਾਰ ਅਕਾਲੀ ਜਗਦੀਪ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਰਵੱਈਆ ਅਪਣਾਇਆ ਹੈ ਅਤੇ ਦੋ ਦਿਨ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿੱਚ ਗ੍ਰਿਫ਼ਤਾਰ ਚਾਰ ਸਾਥੀਆਂ ਦੀ ਰਿਹਾਈ, ਦਰਜ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਥਿਤ ਪੁਲਿਸ ਕਾਰਵਾਈ ਦੀ ਜਾਂਚ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਈ ਤਾਂ ਅੱਗੇ ਦੀ ਰਣਨੀਤੀ ਤਹਿਤ ਉਤਰਾਖੰਡ ਵੱਲ ਮਾਰਚ ਕਰਨ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

ਇਸ ਮਾਮਲੇ ਵਿੱਚ ਉਤਰਾਖੰਡ ਪੁਲਿਸ ਨੇ ਵੀ ਆਪਣੀ ਨਿਗਰਾਨੀ ਵਧਾ ਦਿੱਤੀ ਹੈ। ਕੁਲਹਾਲ ਚੌਕੀ ਵਿੱਚ ਅਣਪਛਾਤੇ ਨਿਹੰਗ ਸਿੰਘਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਦਾ ਦਾਅਵਾ ਹੈ ਕਿ 25 ਜੂਨ ਨੂੰ ਸਰਹੱਦ ‘ਤੇ ਲਗਾਏ ਬੈਰੀਕੇਡ ਤੋੜੇ ਗਏ, ਸਰਕਾਰੀ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਦੀ ਕੋਸ਼ਿਸ਼ ਕੀਤੀ ਗਈ। ਦੂਜੇ ਪਾਸੇ ਪ੍ਰਸ਼ਾਸਨ ਅਤੇ ਨਿਹੰਗ ਜਥੇਬੰਦੀਆਂ ਵਿਚਾਲੇ ਗੱਲਬਾਤ ਜਾਰੀ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।