September 13, 2026
#Tricity News

Chandoomajra Letter to PM: ਚੰਦੂਮਾਜਰਾ ਨੇ PM ਮੋਦੀ ਨੂੰ ਪੱਤਰ ਲਿਖ ਕੇ ਚੁੱਕੇ ਪੰਜਾਬ ਨਾਲ ਜੁੜੇ ਮੁੱਦੇ

Prem Singh Chandumajra: ਸਾਬਕਾ ਸੰਸਦ ਮੈਂਬਰ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ, ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਬਦਲਣ ਦੀ ਕੀਤੀ ਮੰਗ

Prem Singh Chandumajra: ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦੇ ਉਠਾਏ ਹਨ। ਚੰਦੂਮਾਜਰਾ ਨੇ ਆਪਣੇ ਪੱਤਰ ਵਿੱਚ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ, ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ।

ਹਵਾਰਾ ਨੂੰ ਮਨੁੱਖਤਾ ਦੇ ਆਧਾਰ ’ਤੇ ਪੈਰੋਲ ਦੇਣ ਦੀ ਮੰਗ

ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਖ਼ਰਾਬ ਸਿਹਤ ਨੂੰ ਦੇਖਦਿਆਂ ਉਨ੍ਹਾਂ ਨੂੰ ਮਨੁੱਖਤਾ ਦੇ ਆਧਾਰ ’ਤੇ ਪੈਰੋਲ ਦੇਣ ਦੇ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਮਾਰ ਮਾਂ ਦੀ ਆਪਣੇ ਪੁੱਤਰ ਨਾਲ ਮੁਲਾਕਾਤ ਦੀ ਇੱਛਾ ਨੂੰ ਮਨੁੱਖੀ ਪੱਖ ਤੋਂ ਦੇਖਣ ਦੀ ਲੋੜ ਹੈ।

ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਚੁੱਕਿਆ

ਸਾਬਕਾ ਸੰਸਦ ਮੈਂਬਰ ਨੇ ਪੱਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਕੁਝ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਅਨੁਸਾਰ ਅਜਿਹੇ ਮਾਮਲਿਆਂ ’ਤੇ ਸਿਰਫ਼ ਕਾਨੂੰਨੀ ਨਜ਼ਰੀਏ ਨਾਲ ਨਹੀਂ, ਸਗੋਂ ਮਨੁੱਖਤਾ ਅਤੇ ਹਮਦਰਦੀ ਦੇ ਆਧਾਰ ’ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਦਲਣ ਦੀ ਮੰਗ

ਚੰਦੂਮਾਜਰਾ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਮਾਮਲਾ ਵੀ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਮੰਗ ਕੀਤੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।

ਸਿੱਖ ਸਮਾਜ ਵਿੱਚ ਰੋਸ ਦਾ ਕੀਤਾ ਜ਼ਿਕਰ

ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਿੱਖ ਸਮਾਜ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਵਿੱਚ ਸਰਕਾਰਾਂ ਵੱਲੋਂ ਅਪਣਾਏ ਗਏ ਕਥਿਤ ਦੋਹਰੇ ਮਾਪਦੰਡ ਅਤੇ ਸਖ਼ਤ ਰਵੱਈਏ ਕਾਰਨ ਸਿੱਖ ਸਮਾਜ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਇਨ੍ਹਾਂ ਸੰਵੇਦਨਸ਼ੀਲ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਮਨੁੱਖੀ ਪੱਖ ਤੋਂ ਵੀ ਵਿਚਾਰ ਕੀਤਾ ਜਾਵੇ।