August 12, 2026
#Tricity News

ਪੰਜਾਬ ਭਰ ਦੇ ਆਮ ਆਦਮੀ ਕਲੀਨਿਕਾਂ ਦੇ ਡਾਕਟਰ, ਨਰਸਾਂ ਤੇ ਫਾਰਮਾਸਿਸਟ ਅਣਮਿੱਥੇ ਸਮੇਂ ਦੀ ਹੜਤਾਲ ‘ਤੇ

ਪੰਜਾਬ ਦੇ ਆਮ ਆਦਮੀ ਕਲੀਨਿਕਾਂ (AAP Clinics) ਵਿੱਚ ਤਾਇਨਾਤ ਡਾਕਟਰਾਂ, ਫਾਰਮਾਸਿਸਟਾਂ ਅਤੇ ਨਰਸਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਕਾਰਨ ਸੂਬੇ ਭਰ ਦੇ ਕਈ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।

ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਸਰਕਾਰ ਨੂੰ ਮੰਗ ਪੱਤਰ ਦੇ ਕੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।

ਤਨਖ਼ਾਹਾਂ ਅਤੇ ਛੁੱਟੀਆਂ ਨੂੰ ਲੈ ਕੇ ਵੀ ਮੰਗਾਂ

ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਇਸ ਸਮੇਂ ਨਾਮਾਤਰ ਤਨਖ਼ਾਹ ‘ਤੇ ਕੰਮ ਕਰਨ ਲਈ ਮਜਬੂਰ ਹਨ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਹੋਰ ਸਰਕਾਰੀ ਕਰਮਚਾਰੀਆਂ ਵਾਂਗ ਛੁੱਟੀਆਂ ਅਤੇ ਹੋਰ ਸੇਵਾ ਲਾਭ ਵੀ ਦਿੱਤੇ ਜਾਣ।

ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰਹੇਗੀ

ਆਮ ਆਦਮੀ ਕਲੀਨਿਕਾਂ ਦੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਦੀ ਆਗੂ ਜਸਬੀਰ ਕੌਰ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਇਹ ਅਣਮਿੱਥੇ ਸਮੇਂ ਦੀ ਹੜਤਾਲ ਜਾਰੀ ਰਹੇਗੀ।