August 13, 2026
#Tricity News

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਦੇ ਪਹਿਲੇ ਹਫ਼ਤੇ ਸੰਭਵ, ਕਈ ਅਹਿਮ ਬਿੱਲਾਂ ‘ਤੇ ਹੋ ਸਕਦੀ ਚਰਚਾ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਅਗਸਤ ਦੇ ਪਹਿਲੇ ਹਫ਼ਤੇ ਸੱਦੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਜਲਦ ਐਲਾਨ ਕਰ ਸਕਦੇ ਹਨ। ਸਰਕਾਰ ਲਗਭਗ ਹਫ਼ਤੇ ਭਰ ਦਾ ਸੈਸ਼ਨ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ ਅਤੇ ਇਸ ਨੂੰ 15 ਅਗਸਤ ਤੋਂ ਪਹਿਲਾਂ ਸਮਾਪਤ ਕਰਨ ਦੀ ਤਿਆਰੀ ਹੈ।

ਮੁੱਖ ਮੰਤਰੀ ਵੱਲੋਂ ਸੈਸ਼ਨ ਦੇ ਏਜੰਡੇ ਨੂੰ ਲੈ ਕੇ ਵਿਚਾਰ-ਵਟਾਂਦਰਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ-2026 ਵਿੱਚ ਸੋਧ ਨਾਲ ਜੁੜਿਆ ਬਿੱਲ ਸਦਨ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ-2026 ਨੂੰ ਵੀ ਕਾਨੂੰਨ ਦਾ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ।

29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਦੌਰਾਨ ਐਕਟ ਵਿੱਚ ਸੋਧ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਸ ਮਿਆਦ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਲੋੜ ਪੈਣ ‘ਤੇ ਹੋਰ ਸਮਾਂ ਮੰਗ ਸਕਦੀ ਹੈ।

ਇਹ ਮੌਨਸੂਨ ਸੈਸ਼ਨ ਆਮ ਆਦਮੀ ਪਾਰਟੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਮੌਨਸੂਨ ਸੈਸ਼ਨ ਹੋਵੇਗਾ। ਉਮੀਦ ਹੈ ਕਿ ਇਸ ਦੌਰਾਨ ਸੂਬੇ ਦੇ ਕਈ ਅਹਿਮ ਮੁੱਦਿਆਂ ਦੇ ਨਾਲ ਫ਼ਿਲਮ ‘ਸਤਲੁਜ (ਪੰਜਾਬ 95)’ ਨਾਲ ਜੁੜਿਆ ਵਿਵਾਦ ਵੀ ਸਦਨ ਵਿੱਚ ਉੱਠ ਸਕਦਾ ਹੈ।