ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (DA) ਦੀ ਅਦਾਇਗੀ ਸਬੰਧੀ ਦਿੱਤੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਰੁਖ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਦੇ ਕਾਨੂੰਨੀ ਅਤੇ ਵਿੱਤੀ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਦੀ ਕਾਨੂੰਨੀ ਟੀਮ ਹਾਈ ਕੋਰਟ ਦੇ ਫ਼ੈਸਲੇ ਦਾ ਵਿਸਥਾਰ ਨਾਲ ਅਧਿਐਨ ਕਰ ਰਹੀ ਹੈ ਅਤੇ ਰਾਜ ਦੇ ਸੰਵਿਧਾਨਕ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੇ ਅਨੁਸਾਰ, ਜੇ ਹਾਈ ਕੋਰਟ ਦੇ ਹੁਕਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਂਦਾ ਹੈ ਤਾਂ ਸੂਬੇ ਦੇ ਖ਼ਜ਼ਾਨੇ ‘ਤੇ ਕਰੀਬ 20 ਹਜ਼ਾਰ ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਹਾਈ ਕੋਰਟ ਵੱਲੋਂ ਮਨਜ਼ੂਰ ਕੀਤੀ ਗਈ 14,191 ਕਰੋੜ ਰੁਪਏ ਦੀ ਲਿਕੁਇਡੇਸ਼ਨ ਯੋਜਨਾ ਤਹਿਤ ਬਕਾਏ ਦੀ ਅਦਾਇਗੀ ਕਰ ਰਹੀ ਹੈ।
ਚੀਮਾ ਨੇ ਦੱਸਿਆ ਕਿ ਸਰਕਾਰ ਨੇ ਪੜਾਅਵਾਰ ਤਰੀਕੇ ਨਾਲ ਪੈਨਸ਼ਨਰਾਂ ਅਤੇ ਕਰਮਚਾਰੀਆਂ ਦੇ ਬਕਾਏ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ। ਪਹਿਲਾਂ 85 ਸਾਲ ਤੋਂ ਵੱਧ ਅਤੇ ਫਿਰ 75 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਦੇ ਬਕਾਏ ਅਦਾ ਕੀਤੇ ਗਏ ਹਨ, ਜਦਕਿ ਮੌਜੂਦਾ ਵਿੱਤੀ ਸਾਲ ਵਿੱਚ ਬਾਕੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਭੁਗਤਾਨ ਕੀਤਾ ਜਾ ਰਿਹਾ ਹੈ। ਸਰਕਾਰ ਮੁਤਾਬਕ ਹੁਣ ਤੱਕ ਕਰੀਬ 6,000 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਦੀ ਪੂਰੀ ਇੱਜ਼ਤ ਕਰਦੀ ਹੈ, ਪਰ ਸੂਬੇ ਦੀ ਵਿੱਤੀ ਸਥਿਤੀ ਅਤੇ ਹੋਰ ਜ਼ਿੰਮੇਵਾਰੀਆਂ ਨੂੰ ਵੀ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ। ਇਸ ਲਈ ਸਰਕਾਰ ਆਪਣੇ ਸਾਰੇ ਕਾਨੂੰਨੀ ਵਿਕਲਪਾਂ ‘ਤੇ ਵਿਚਾਰ ਕਰ ਰਹੀ ਹੈ।

