August 12, 2026
#Punjab News

Punjab News: NEET ਵਿਦਿਆਰਥੀਆਂ ਲਈ ਵੱਡਾ ਤੋਹਫ਼ਾ, 20 ਤੋਂ 22 ਜੂਨ ਤੱਕ ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੀਟ (NEET) ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ 20, 21 ਅਤੇ 22 ਜੂਨ ਨੂੰ ਸੂਬੇ ਭਰ ਵਿੱਚ ਸਰਕਾਰੀ ਬੱਸਾਂ ਰਾਹੀਂ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਵਿਦਿਆਰਥੀ ਆਰਥਿਕ ਤੰਗੀ ਕਾਰਨ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਨ। ਕਈ ਪਰਿਵਾਰਾਂ ਲਈ ਸਫ਼ਰ ਦਾ ਖ਼ਰਚਾ ਵੀ ਇੱਕ ਵੱਡੀ ਚੁਣੌਤੀ ਬਣ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੀ ਪੜ੍ਹਾਈ ਜਾਂ ਭਵਿੱਖ ਆਰਥਿਕ ਹਾਲਾਤਾਂ ਕਾਰਨ ਪ੍ਰਭਾਵਿਤ ਨਾ ਹੋਵੇ, ਇਸ ਲਈ ਸਰਕਾਰ ਨੇ ਇਹ ਵਿਸ਼ੇਸ਼ ਫ਼ੈਸਲਾ ਲਿਆ ਹੈ।

ਮੁਫ਼ਤ ਬੱਸ ਸਫ਼ਰ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਸਿਰਫ਼ ਆਪਣਾ NEET ਐਡਮਿਟ ਕਾਰਡ ਦਿਖਾਉਣਾ ਹੋਵੇਗਾ। ਐਡਮਿਟ ਕਾਰਡ ਦਿਖਾਉਣ ਤੋਂ ਬਾਅਦ ਉਨ੍ਹਾਂ ਤੋਂ ਕਿਸੇ ਵੀ ਤਰ੍ਹਾਂ ਦਾ ਕਿਰਾਇਆ ਨਹੀਂ ਲਿਆ ਜਾਵੇਗਾ।

ਸਰਕਾਰ ਦਾ ਕਹਿਣਾ ਹੈ ਕਿ ਇਸ ਪਹਿਲ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਦਿਆਰਥੀ ਸਿਰਫ਼ ਆਵਾਜਾਈ ਦੇ ਖ਼ਰਚੇ ਕਾਰਨ ਆਪਣੀ ਪ੍ਰੀਖਿਆ ਤੋਂ ਵਾਂਝਾ ਨਾ ਰਹਿ ਜਾਵੇ।